Breaking News
Home / ਜੀ.ਟੀ.ਏ. ਨਿਊਜ਼ / ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕੀ

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕੀ

ਕੈਨੇਡਾ ਨੇ ਵੀ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਸੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕ ਦਿੱਤੀ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਵਿਚ ਨਾ ਜਾਣ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ।
ਭਾਰਤ ਅਤੇ ਕੈਨੇਡਾ ਵਲੋਂ ਇਕ ਦੂਜੇ ‘ਤੇ ਲਗਾਏ ਜਾ ਰਹੇ ਆਰੋਪਾਂ ਤੋਂ ਬਾਅਦ ਦੋਵੇਂ ਦੇਸ਼ਾਂ ‘ਚ ਤਣਾਅ ਵਧਦਾ ਹੀ ਜਾ ਰਿਹਾ ਹੈ। ਇਸ ਵਧ ਰਹੇ ਤਣਾਅ ਦੇ ਚੱਲਦਿਆਂ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਮੀਡੀਆ ਦੀ ਰਿਪੋਰਟ ਮੁਤਾਬਕ ਬੀ.ਐੱਲ.ਐੱਸ ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਭਾਰਤੀ ਮਿਸ਼ਨ ਵਲੋਂ ਜਾਰੀ ਨੋਟਿਸ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਨੇਡਾ ‘ਚ ਭਾਰਤੀ ਵੀਜ਼ਾ ਨਾਲ ਸੰਬੰਧਿਤ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਕੈਨੇਡਾ ‘ਚ ਭਾਰਤ ਲਈ ਵੀਜ਼ਾ ਸਿਰਫ਼ ਬੀ.ਐੱਲ.ਐੱਸ ਇੰਡੀਆ ਦੁਆਰਾ ਪ੍ਰਦਾਨ ਕੀਤਾ ਜਾਂਦਾ ਹੈ। ਨੋਟਿਸ ‘ਚ ਕਿਹਾ ਗਿਆ ਹੈ ਕਿ ਕਾਰਜਸ਼ੀਲ ਕਾਰਨਾਂ ਕਰਕੇ ਭਾਰਤੀ ਵੀਜ਼ਾ ਸੇਵਾਵਾਂ ਨੂੰ 21 ਸਤੰਬਰ 2023 ਤੋਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਆਏ ਰਿਸ਼ਤਿਆਂ ਦੇ ਤਣਾਅ ਸਬੰਧੀ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਜਲਦੀ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਇਸੇ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਵੇਂ ਦੇਸ਼ਾਂ ਨੂੰ ਗੱਲਬਾਤ ਰਾਹੀਂ ਮਸਲਾ ਸੁਲਝਾਉਣ ਦੀ ਅਪੀਲ ਕੀਤੀ ਹੈ।
ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅ ਕਾਰਨ ਪਾੜ੍ਹੇ ਤੇ ਮਾਪੇ ਪ੍ਰੇਸ਼ਾਨ
ਭਾਰਤ ਅਤੇ ਕੈਨੇਡਾ ਦਰਮਿਆਨ ਵਧੇ ਤਣਾਅ ਦੇ ਮੱਦੇਨਜ਼ਰ ਆਗਾਮੀ ਜਨਵਰੀ ਵਿੱਚ ਪੰਜਾਬ ਤੋਂ ਕੈਨੇਡਾ ਪਹੁੰਚਣ ਲਈ ਵੀਜ਼ਾ ਪ੍ਰਵਾਨਗੀਆਂ ਦੀ ਉਡੀਕ ਕਰ ਰਹੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਚਿੰਤਤ ਨਜ਼ਰ ਆ ਰਹੇ ਹਨ। ਦੋਵਾਂ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਪ੍ਰਤੀ ਸਾਵਧਾਨ ਰਹਿਣ ਲਈ ਐਡਵਾਇਜ਼ਰੀ ਜਾਰੀ ਕਰਨ ਮਗਰੋਂ ਮਾਪਿਆਂ ਦੀ ਚਿੰਤਾ ਵਧ ਗਈ ਹੈ। ਕੈਨੇਡਾ ਲਈ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਇਮੀਗ੍ਰੇਸ਼ਨ ਏਜੰਟਾਂ ਦਾ ਮੰਨਣਾ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਘਬਰਾਹਟ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੇ ਮਾਪਿਆਂ ਦਾ ਖ਼ਦਸ਼ਾ ਹੈ ਕਿ ਅਜਿਹੇ ਹਾਲਾਤ ਵਿੱਚ ਉਨ੍ਹਾਂ ਦਾ ਵੀਜ਼ਾ ਰੱਦ ਹੋ ਸਕਦਾ ਹੈ। ਹਾਲਾਂਕਿ, ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਸਟੱਡੀ ਵੀਜ਼ਿਆਂ ‘ਤੇ ਕੋਈ ਅਸਰ ਨਹੀਂ ਪੈ ਸਕਦਾ।

 

Check Also

ਸ੍ਰੀ ਕਰਤਾਰਪੁਰ ਸਾਹਿਬ ‘ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ

ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਬੁੱਤ ਦਾ ਉਦਘਾਟਨ ਲਾਹੌਰ/ਬਿਊਰੋ …