ਫਿਰੋਜ਼ਪੁਰ/ਬਿਊਰੋ ਨਿਊਜ਼ : ਕਿਰਤੀ ਕਿਸਾਨ ਯੂਨੀਅਨ ਵੱਲੋਂ ਹੁਸੈਨੀਵਾਲਾ ਸਰਹੱਦ ਉੱਤੇ ਰੈਲੀ ਕਰਕੇ ਇਸ ਸਰਹੱਦ ਨੂੰ ਵਪਾਰ ਲਈ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਉਪਜ ਸਣੇ ਹੋਰ ਵਰਗਾਂ ਨੂੰ ਵੀਜ਼ਾ ਸ਼ਰਤਾਂ ਖ਼ਤਮ ਕਰਕੇ ਪਾਸਪੋਰਟ ‘ਤੇ ਸਿੱਧਾ ਵਪਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ‘ਤੇ 1200 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਨੂੰ ਵਾਪਸ ਲਿਆ ਜਾਵੇ। ਰੈਲੀ ਵਿਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਫੋਕਲੋਰ ਰਿਸਰਚ ਅਕੈਡਮੀ ਨਾਲ ਜੁੜੇ ਬੁੱਧੀਜੀਵੀ ਅਤੇ ਲੇਖਕਾਂ ਤੋਂ ਇਲਾਵਾ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੀ ਅਗਵਾਈ ਹੇਠ ਮੁਲਾਜ਼ਮ ਵਰਗ ਵੀ ਸ਼ਾਮਲ ਸੀ।
ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਭਾਰਤ ਪਾਕਿਸਤਾਨ ਵਿਚਾਲੇ ਦੁਸ਼ਮਣੀ ਦੀ ਅੱਗ ਬਾਲਣ ਦੀ ਥਾਂ ਦੋਸਤਾਨਾ ਰਿਸ਼ਤਿਆਂ ਨੂੰ ਉਸਾਰਨ ਵੱਲ ਅੱਗੇ ਵਧਣਾ ਚਾਹੀਦਾ ਹੈ। ਇਸ ਸਾਂਝ ਨੂੰ ਉਸਾਰਨ ਵਿਚ ਭਾਰਤ ਪਾਕਿਸਤਾਨ ਵਪਾਰ ਮਹੱਤਵਪੂਰਨ ਕੜੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਦੇਸ਼ਾਂ ਵਿਚਕਾਰ 1.35 ਅਰਬ ਡਾਲਰ ਦੇ ਕਰੀਬ ਰਕਮ ਦਾ ਵਪਾਰ ਹੋ ਰਿਹਾ ਹੈ ਪਰ ਇਹ ਵਪਾਰ ਅਡਾਨੀ ਦੀ ਮੁੰਦਰਾ ਬੰਦਰਗਾਹ ਤੋਂ ਸਮੁੰਦਰੀ ਰਸਤੇ ਰਾਹੀਂ ਹੁੰਦਾ ਹੈ। ਆਗੂ ਜਸਵਿੰਦਰ ਸਿੰਘ ਝਬੇਲਵਾਲੀ ਅਤੇ ਡਾ. ਸਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਸੁਧਾਰਨ ਲਈ ਹੁਸੈਨੀਵਾਲਾ ਲਾਂਘਾ ਸੰਜੀਵਨੀ ਬੂਟੀ ਦਾ ਕੰਮ ਕਰ ਸਕਦਾ ਹੈ ਤੇ ਇਸ ਨੂੰ ਖੁੱਲ੍ਹਵਾਉਣ ਲਈ ਪੰਜਾਬ ਸਰਕਾਰ ਨੂੰ ਚਾਰਾਜੋਈ ਕਰਨੀ ਚਾਹੀਦੀ ਹੈ। ਰੈਲੀ ਨੂੰ ਰਮੇਸ਼ ਯਾਦਵ, ਅਮਰੀਕ ਸਿੰਘ, ਹਰਮੀਤ ਵਿਦਿਆਰਥੀ, ਧੀਰਜ ਕੁਮਾਰ, ਮਹਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।