ਕਿਹਾ : ਕਾਂਗਰਸ ਪਾਰਟੀ ’ਚ ਆਮ ਘਰ ਦੇ ਬੱਚੇ ਲਈ ਜਗ੍ਹਾ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮਹਿੰਦਰਾ ਦੀ ਜਿੱਤ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਅੱਜ ਯੂਥ ਕਾਂਗਰਸ ਦੇ ਉਪ ਪ੍ਰਧਾਨ ਅਕਸ਼ੇ ਸ਼ਰਮਾ ਨੇ ਅਸਤੀਫਾ ਦੇ ਕੇ ਦਿੱਤਾ। ਇਸ ਤੋਂ ਬਾਅਦ ਅਕਸ਼ੇ ਸ਼ਰਮਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅਕਸ਼ੇ ਸ਼ਰਮਾ ਦਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ। ਇਸੇ ਦੌਰਾਨ ਅਕਸ਼ੇ ਸ਼ਰਮਾ ਨੇ ਕਾਂਗਰਸ ਪਾਰਟੀ ਦੇ ਪ੍ਰਤੀ ਨਰਾਜ਼ਗੀ ਪ੍ਰਗਟ ਕੀਤੀ ਹੈ। ਅਕਸ਼ੇ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸਿਰਫ ਕਾਂਗਰਸੀ ਲੀਡਰਾਂ ਦੇ ਬੱਚਿਆਂ ਤੋਂ ਇਲਾਵਾ ਕਿਸੇ ਵੀ ਆਮ ਘਰ ਦੇ ਬੱਚੇ ਨੂੰ ਜਗ੍ਹਾ ਨਹੀਂ ਦਿੱਤੀ ਜਾ ਰਹੀ। ਇਸ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਆਰੋਪ ਲਗਾਇਆ ਕਿ ਅਕਸ਼ੇ ਸ਼ਰਮਾ ਭਾਜਪਾ ਦੇ ਇਸ਼ਾਰਿਆਂ ’ਤੇ ਖੇਡ ਰਹੇ ਸਨ, ਜਿਸਦੀ ਭਿਣਕ ਪਹਿਲਾਂ ਹੀ ਲੱਗ ਚੁੱਕੀ ਸੀ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੀਆਂ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਹੋਈਆਂ ਸਨ ਅਤੇ ਇਸ ਮੌਕੇ ਵੀਡੀਓਗਰਾਫੀ ਵੀ ਕਰਵਾਈ ਗਈ ਸੀ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀਆਂ ਵਿਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।