ਪੰਜਾਬ ਸਰਕਾਰ ’ਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣ ਦਾ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕੀਤਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਆਰੋਪ ਹੈ ਕਿ ਪੰਜਾਬ ’ਚ ਹੜ੍ਹਾਂ ਨਾਲ ਹੋੲੋ ਨੁਕਸਾਨ ਦਾ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਵਿਚ ਕਿਸਾਨਾਂ ਨੇ ਡੀਸੀ ਦਫਤਰ ਲੁਧਿਆਣਾ ਦਾ ਘਿਰਾਓ ਕੀਤਾ। ਕਿਸਾਨਾਂ ਨੇ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਮੁਆਵਜ਼ੇ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਕਿਸਾਨ ਸੜਕਾਂ ’ਤੇ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਹੋਇਆ ਅਤੇ ਸਰਕਾਰ ਵਲੋਂ ਹਾਲੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸੇ ਦੌਰਾਨ ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ। ਇਸਦੇ ਚੱਲਦਿਆਂ ਅੰਮਿ੍ਰਤਸਰ ਵਿਚ ਵੀ ਕਿਸਾਨ ਜਥੇਬੰਦੀਆਂ ਨੇ ਡੀਸੀ ਦਫਤਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਹੜ੍ਹਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਕੇਂਦਰੀ ਮੰਤਰੀਆਂ ਅਤੇ ਸੂਬੇ ਦੇ ਮੰਤਰੀਆਂ ਦੇ ਘਰ ਘੇਰਨ ਲਈ ਮਜਬੂਰ ਹੋਣਗੇ।