Breaking News
Home / ਹਫ਼ਤਾਵਾਰੀ ਫੇਰੀ / ਸੁਖਪਾਲ ਖਹਿਰਾ ਡਰੱਗ ਮਾਮਲੇ ‘ਚ ਗ੍ਰਿਫ਼ਤਾਰ

ਸੁਖਪਾਲ ਖਹਿਰਾ ਡਰੱਗ ਮਾਮਲੇ ‘ਚ ਗ੍ਰਿਫ਼ਤਾਰ

ਜਲਾਲਾਬਾਦ ਅਦਾਲਤ ਨੇ ਖਹਿਰਾ ਨੂੰ ਦੋ ਦਿਨਾ ਪੁਲਿਸ ਰਿਮਾਂਡ ‘ਤੇ ਭੇਜਿਆ
ਭਗਵੰਤ ਮਾਨ ਸਰਕਾਰ ਕਰ ਰਹੀ ਹੈ ਬਦਲਾਖ਼ੋਰੀ ਦੀ ਰਾਜਨੀਤੀ : ਖਹਿਰਾ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਡਰੱਗ ਮਾਮਲੇ ‘ਚ ਅੱਜ ਸਵੇਰੇ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਪੁਲਿਸ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਲੈ ਗਈ ਅਤੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਖਹਿਰਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ 30 ਸਤੰਬਰ ਨੂੰ ਸੁਖਪਾਲ ਖਹਿਰਾ ਦੀ ਮੁੜ ਅਦਾਲਤ ਵਿਚ ਪੇਸ਼ੀ ਹੋਵੇਗੀ। ਧਿਆਨ ਰਹੇ ਕਿ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕਰਨ ਲਈ ਜਲਾਲਾਬਾਦ ਪੁਲਿਸ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ 5 ਵਿਚ ਸਥਿਤ ਘਰ ਪਹੁੰਚੀ ਸੀ। ਪੁਲਿਸ ਦਾ ਕਹਿਣਾ ਹੈ ਕਿ ਖਹਿਰਾ ਦੇ ਖਿਲਾਫ ਡਰੱਗ ਤਸਕਰੀ (ਐਨ.ਡੀ.ਪੀ.ਐਸ.) ਦਾ ਇਕ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ ਵਿਚ ਜਾਂਚ ਚੱਲ ਰਹੀ ਸੀ। ਇਸ ਵਿਚ ਡੀਆਈਜੀ ਦੀ ਅਗਵਾਈ ‘ਚ ਬਣੀ ਐਸਆਈਟੀ ਦੀ ਰਿਪੋਰਟ ਦੇ ਅਧਾਰ ‘ਤੇ ਹੁਣ ਖਹਿਰਾ ਦੀ ਗ੍ਰਿਫਤਾਰੀ ਹੋਈ ਹੈ। ਇਸਦੇ ਚੱਲਦਿਆਂ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਇਹ ਇਕ ਝੂਠਾ ਮਾਮਲਾ ਹੈ ਅਤੇ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਨੂੰ ਇਸ ਮਾਮਲੇ ਵਿਚ ਰਾਹਤ ਦਿੱਤੀ ਹੋਈ ਹੈ। ਡਰੱਗ ਮਾਮਲੇ ‘ਚ ਸੁਖਪਾਲ ਸਿੰਘ ਖਹਿਰਾ ਦੀ ਹੋਈ ਗ੍ਰਿਫਤਾਰੀ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਿਖੇਧੀ ਕੀਤੀ ਹੈ। ਵੜਿੰਗ ਨੇ ਕਿਹਾ ਕਿ ਇਹ ਇਕ ਜੰਗਲ ਰਾਜ ਹੈ। ਇਸੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਵੀ ਖਹਿਰਾ ਦੀ ਗ੍ਰਿਫਤਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸਿਆਸੀ ਬਦਲਾਖੋਰੀ ਦਾ ਸਹਾਰਾ ਲਿਆ ਹੈ। ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦੀ ਸਾਰੇ ਕਾਂਗਰਸੀ ਆਗੂਆਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਜਲਾਲਾਬਾਦ ਵਿਚ ਸੁਖਪਾਲ ਸਿੰਘ ਖਹਿਰਾ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਾਡੀ ਵਿਰੋਧੀ ਧਿਰ ਨੂੰ ਸਹਿਨ ਨਹੀਂ ਕਰ ਰਹੀ। ਇਹ ਪੂਰੀ ਤਰ੍ਹਾਂ ਨਾਲ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਜਿਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਉਹ ਕੇਸ 2015 ਦਾ ਹੈ ਅਤੇ ਸਜ਼ਾ ਤੋਂ ਬਾਅਦ ਮੈਨੂੰ ਈ.ਡੀ. ਵਲੋਂ ਇਸ ਕੇਸ ਵਿਚ ਜ਼ਮਾਨਤ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਕ ਹੀ ਕੇਸ ਵਿਚ ਮੈਨੂੰ ਕਿੰਨੀ ਵਾਰ ਫਸਾਓਗੇ। ਖਹਿਰਾ ਨੇ ਕਿਹਾ ਕਿ ਮੈਂ ਬਿਲਕੁੱਲ ਵੀ ਡਰਨ ਵਾਲਾ ਨਹੀਂ ਹਾਂ ਅਤੇ ਅਖੀਰ ਵਿਚ ਸੱਚ ਦੀ ਹੀ ਜਿੱਤ ਹੋਵੇਗੀ।
ਖਹਿਰਾ ਦੀ ਗ੍ਰਿਫਤਾਰੀ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ : ‘ਆਪ’
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਡਰੱਗ ਮਾਮਲੇ ਵਿਚ ਹੋਈ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੋ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦਾ ਸਿਆਸਤ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਖਹਿਰਾ ਦੇ ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਵਲੋਂ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੀਡੀਆ ਰਿਪੋਰਟ ਮੁਤਾਬਕ ਉਨ੍ਹਾਂ ਕਿਹਾ ਕਿ ਇਸ ਦੌਰਾਨ ਬਹੁਤ ਸਾਰੇ ਨਵੇਂ ਤੱਥ ਐਸਆਈਟੀ ਕੋਲ ਆਏ ਹਨ, ਜਿਨ੍ਹਾਂ ਤੋਂ ਜ਼ਾਹਰ ਹੁੰਦਾ ਹੈ ਕਿ ਸੁਖਪਾਲ ਖਹਿਰਾ ਡਰੱਗ ਤਸਕਰੀ ‘ਚ ਸ਼ਾਮਲ ਹੈ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦਾ ਰਾਜਨੀਤੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਇਹ ਕਾਰਵਾਈ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਦੀ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ‘ਚ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਦੇ ਅਧਾਰ ‘ਤੇ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਲਗਾਏ ਜਾ ਰਹੇ ਆਰੋਪਾਂ ਨੂੰ ਮੁੱਢੋਂ ਹੀ ਨਕਾਰ ਦਿੱਤਾ ਹੈ।
ਕਾਂਗਰਸ ਦਾ ਵਫ਼ਦ ਰਾਜਪਾਲ ਨੂੰ ਮਿਲਿਆ
ਚੰਡੀਗੜ੍ਹ : ਕਪੂਰਥਲਾ ਜ਼ਿਲ੍ਹੇ ‘ਚ ਪੈਂਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਡਰੱਗ ਮਾਮਲੇ ‘ਚ ਹੋਈ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਆਗੂਆਂ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਰਾਜਪਾਲ ਹੋਰਾਂ ਨੂੰ ਮਿਲ ਕੇ ਸ਼ਿਕਾਇਤ ਕੀਤੀ ਹੈ ਕਿ ਅੱਜ ਜੋ ਕੁੱਝ ਵੀ ਵਾਪਰਿਆ ਹੈ ਉਹ ਸਾਰਾ ਰਾਜਨੀਤਿਕ ਬਦਲਾਖੋਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੰਗਰੇਜ਼ ਹਕੂਮਤ ਵਾਂਗ ਕੰਮ ਕਰ ਰਹੀ ਹੈ। ਕਾਂਗਰਸੀ ਵਫਦ ਨੇ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ।

 

Check Also

ਲਿਬਰਲ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਬਹੁਤੇ ਕੈਨੇਡਾ ਵਾਸੀ ਨਾ ਖੁਸ਼

ਓਟਵਾ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ …