ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋਈ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵਿਚ ਸਤਲੁਜ-ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦਾ ਨਿਰਮਾਣ ਪੂਰਾ ਕਰਨ, ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਣੇ ਕਈ ਮਹਤੱਵਪੂਰਨ ਮੁੱਦਿਆਂ ਨੂੰ ਚੁੱਕਿਆ। ਖੱਟਰ ਨੇ ਪੰਜਾਬ ‘ਵਰਸਿਟੀ ਵਿੱਚ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਬੰਧੀ ਵਿਸ਼ੇ ‘ਤੇ ਗੱਲ ਕਰਦਿਆਂ ਕਿਹਾ ਕਿ ਵਿਦਿਆਰਥੀ ਹਿੱਤ ਵਿਚ ਹਰਿਆਣਾ ਦੇ ਪੰਚਕੂਲਾ, ਅੰਬਾਲਾ ਤੇ ਯਮੁਨਾਨਗਰ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਿਆ ਜਾਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦਾ ਹਿੱਸਾ ਪੰਜਾਬ ਪੁਨਰਗਠਨ ਐਕਟ, 1966 ਤਹਿਤ ਪ੍ਰਦਾਨ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 1 ਨਵੰਬਰ, 1973 ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਨੂੰ ਖਤਮ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਹਰਿਆਣਾ ਦੇ ਉਸ ਸਮੇਂ ਦੇ ਅੰਬਾਲਾ ਜ਼ਿਲ੍ਹੇ ਦੇ ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਸਨ।