ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਚੱਲ ਰਿਹਾ ਹੈ ਸਿਆਸੀ ਟਕਰਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਦਾ ਮੁੱਦਾ ਚੁੱਕਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਮੋੜਵਾਂ ਪੱਤਰ ਲਿਖ ਕੇ ਅਸਿੱਧੇ ਤਰੀਕੇ ਨਾਲ ਪੰਜਾਬ ਸਿਰ ਚੜ੍ਹ ਰਹੇ ਕਰਜ਼ੇ ਸਬੰਧੀ ਸਵਾਲ ਪੁੱਛਿਆ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਪੱਤਰ ਲਿਖ ਕੇ ਪੰਜਾਬ ਦੇ ਦਿਹਾਤੀ ਵਿਕਾਸ ਫ਼ੰਡਾਂ ਦੇ 5637 ਕਰੋੜ ਦੇ ਬਕਾਏ ਰਿਲੀਜ਼ ਕਰਵਾਉਣ ਲਈ ਰਾਜਪਾਲ ਤੋਂ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਤੱਕ ਪਹੁੰਚ ਕਰਨ ਦੀ ਮੰਗ ਕੀਤੀ ਸੀ।
ਰਾਜਪਾਲ ਨੇ ਮੁੱਖ ਮੰਤਰੀ ਨੂੰ ਜਵਾਬੀ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਪਾਬੰਦ ਹਨ ਅਤੇ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਤੁਹਾਡੇ ਵੱਲੋਂ ਰਾਜ ਭਵਨ ਤੱਕ ਪਹੁੰਚ ਕਰਨ ਤੋਂ ਪਹਿਲਾਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਗਈ ਹੈ।
ਇਸ ਮੁੱਦੇ ‘ਤੇ ਕੁਝ ਵੀ ਕਰਨ ਤੋਂ ਪਹਿਲਾਂ ਸਿਖਰਲੀ ਅਦਾਲਤ ਦੇ ਫ਼ੈਸਲੇ ਦਾ ਇੰਤਜ਼ਾਰ ਕਰਨਾ ਉਚਿਤ ਹੋਵੇਗਾ।
ਇਸੇ ਦੌਰਾਨ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਅਸਿੱਧੇ ਤੌਰ ‘ਤੇ ਨਿਸ਼ਾਨੇ ‘ਤੇ ਲੈਂਦਿਆਂ ਪੱਤਰ ਵਿਚ ਲਿਖਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਦਾ ਕਰਜ਼ਾ ਕਰੀਬ 50 ਹਜ਼ਾਰ ਕਰੋੜ ਵਧ ਗਿਆ ਹੈ। ਉਨ੍ਹਾਂ ਲਿਖਿਆ ਕਿ ਕਰਜ਼ੇ ਦੀ ਇਸ ਵੱਡੀ ਰਕਮ ਦੀ ਵਰਤੋਂ ਦੇ ਵੇਰਵੇ ਦਿੱਤੇ ਜਾਣ ਤਾਂ ਜੋ ਉਹ ਪ੍ਰਧਾਨ ਮੰਤਰੀ ਨੂੰ ਯਕੀਨ ਦਿਵਾ ਸਕਣ ਕਿ ਪੈਸੇ ਦੀ ਵਰਤੋਂ ਸਹੀ ਹੋਈ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲ ਦਿਹਾਤੀ ਵਿਕਾਸ ਫੰਡਾਂ ਦੇ 5637 ਕਰੋੜ ਰੁਪਏ ਬਕਾਇਆ ਖੜ੍ਹੇ ਹਨ। ਪੰਜਾਬ ਸਰਕਾਰ ਨੇ ਇਹ ਰਾਸ਼ੀ ਹਾਸਲ ਕਰਨ ਲਈ ਕੇਂਦਰ ਤੱਕ ਕਈ ਵਾਰੀ ਪਹੁੰਚ ਕੀਤੀ ਸੀ ਪਰ ਕੇਂਦਰ ਨੇ ਕੋਈ ਹੱਥ ਪੱਲਾ ਨਹੀਂ ਫੜਾਇਆ। ਤਕਨੀਕੀ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਰਾਜਪਾਲ ਨੇ ਕਰਜ਼ੇ ਦੀ ਵਰਤੋਂ ‘ਤੇ ਵੀ ਸਵਾਲ ਚੁੱਕੇ ਹਨ।
ਪੰਜਾਬ ਸਰਕਾਰ ਲਈ ਕਰਜ਼ਿਆਂ ਦੇ ਵੇਰਵੇ ਰਾਜਪਾਲ ਨਾਲ ਸਾਂਝੇ ਕਰਨੇ ਔਖ ਵਾਲੀ ਗੱਲ ਹੋ ਸਕਦੀ ਹੈ। ਰਾਜਪਾਲ ਹੁਣ ਕਰਜ਼ੇ ਦੇ ਮਾਮਲੇ ‘ਤੇ ਸਰਕਾਰ ਨੂੰ ਸਿਆਸੀ ਤੌਰ ‘ਤੇ ਹਲੂਣਾ ਦੇਣਾ ਚਾਹੁੰਦੇ ਹਨ। ਇਹ ਪੱਤਰ ਮੁੱਖ ਮੰਤਰੀ ਅਤੇ ਰਾਜਪਾਲ ਦਰਮਿਆਨ ਅੰਦਰੋਂ ਅੰਦਰੀਂ ਰੁਕੀ ਹੋਈ ਸਿਆਸੀ ਜੰਗ ਨੂੰ ਮੁੜ ਤੀਲ੍ਹਾ ਲਾ ਸਕਦਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …