ਪੰਜਾਬ ਸਰਕਾਰ ‘ਤੇ ਬਦਲਾਖੋਰੀ ਦੀ ਰਾਜਨੀਤੀ ਦੇ ਲਗਾਏ ਆਰੋਪ
ਬਠਿੰਡਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਕਹਿਣਾ ਹੈ ਕਿ ਕਾਂਗਰਸ ਦਾ ‘ਆਪ’ ਨਾਲ ਹਾਲੇ ਕੋਈ ਗੱਠਜੋੜ ਨਹੀਂ ਹੋਇਆ ਅਤੇ ਕਾਂਗਰਸ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪਾਰਟੀ ਹਾਈ ਕਮਾਂਡ ਕੋਲ ਆਪਣੇ ਵਿਚਾਰ ਪ੍ਰਗਟਾ ਚੁੱਕੇ ਹਨ ਅਤੇ ਪੰਜਾਬ ਵਿੱਚ ਗੱਠਜੋੜ ਵਾਲੀ ਕੋਈ ਗੱਲ ਨਜ਼ਰ ਨਹੀਂ ਆਏਗੀ।
ਉਨ੍ਹਾਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ‘ਤੇ ਸੰਵਿਧਾਨ ਦਾ ਘਾਣ ਕਰਨ ਦਾ ਆਰੋਪ ਲਾਉਂਦਿਆਂ ਕਿਹਾ ਕਿ ਅਜਿਹੇ ਹਾਲਾਤ ਤੋਂ ਬਚਾਉਣ ਲਈ ਕਾਂਗਰਸ ਪਾਰਟੀ ਬੂਥ ਪੱਧਰ ‘ਤੇ ਸੰਘਰਸ਼ ਕਰ ਰਹੀ ਹੈ।
ਲੁਧਿਆਣਾ ਦੇ ‘ਕਾਂਗਰਸ ਭਵਨ’ ਵਿੱਚ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ ਅਤੇ (ਦਿਹਾਤੀ) ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਰੱਖੀ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਕਾਂਗਰਸ ਵੱਲੋਂ ਨਸ਼ਿਆਂ ਨਾਲ ਬਰਬਾਦ ਹੋ ਰਹੇ ਪੰਜਾਬ ਨੂੰ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਲੜੀ ਤਹਿਤ 29 ਸਤੰਬਰ ਨੂੰ ਮਿਨੀ ਸਕੱਤਰੇਤ ਬਠਿੰਡਾ ਦੇ ਗੇਟ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।
ਸਾਬਕਾ ਮੰਤਰੀ ਨੇ ਪੰਜਾਬ ਸਰਕਾਰ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਉਸ ਨੇ ਚੋਣਾਂ ਵੇਲੇ ਕੀਤੇ ਕਿਸੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਪਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ।