ਖਹਿਰਾ ਨੂੰ ਮਿਲਣ ਪੁੱਜੇ ਕਾਂਗਰਸੀ ਆਗੂਆਂ ਨੂੰ ਪੰਜਾਬ ਪੁਲਿਸ ਨੇ ਬੇਰੰਗ ਮੋੜਿਆ
![](https://parvasinewspaper.com/wp-content/uploads/2023/09/Congress-Leadership.jpg)
ਫ਼ਾਜ਼ਿਲਕਾ/ਬਿਊਰੋ ਨਿਊਜ਼ : ਡਰੱਗ ਤਸਕਰੀ ਦੇ ਮਾਮਲੇ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਅੱਜ ਕਾਂਗਰਸੀ ਆਗੂਆਂ ਦੀ ਮੁਲਾਕਾਤ ਨਹੀਂ ਹੋ ਸਕੀ। ਲੰਘੇ ਕੱਲ੍ਹ ਹੋਈ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਤੋਂ ਬਾਅਦ ਅੱਜ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪੁੱਜੀ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਬਿਨਾ ਮੁਲਾਕਾਤ ਕੀਤਿਆਂ ਪੰਜਾਬ ਪੁਲਿਸ ਬੇਰੰਗ ਮੋੜ ਦਿੱਤਾ। ਨਸ਼ਾ ਤਸਕਰੀ ਦੇ ਮਾਮਲੇ ਵਿਚ ਫ਼ਾਜ਼ਿਲਕਾ ਪੁਲਿਸ ਵਲੋਂ ਗਿ੍ਰਫ਼ਤਾਰ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਿਲਕਾ ਦੇ ਸੀ.ਆਈ.ਏ. ਸਟਾਫ਼ ਵਿਚ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਰੱਖਿਆ ਗਿਆ ਹੈ। ਡਰੱਗ ਤਸਕਰੀ ਨਾਲ ਜੁੜੇ ਮਾਮਲੇ ਵਿਚ ਪੁਲਿਸ ਵੱਲੋਂ ਖਹਿਰਾ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖਹਿਰਾ ਨੂੰ ਮਿਲਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ’ਚ ਵਿਰੋਧ ਧੀਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ, ਸ਼ੇਰ ਸਿੰਘ ਘੁਬਾਇਆ ਫ਼ਾਜ਼ਿਲਕਾ ਪੁੱਜੇ ਸਨ। ਮੁਲਾਕਾਤ ਨਾ ਹੋਣ ਦੀ ਸੂਰਤ ਵਿਚ ਕਾਂਗਰਸੀ ਲੀਡਰਸ਼ਿਪ ਨੇ ਪੰਜਾਬ ਸਰਕਾਰ ’ਤੇ ਸਿਆਸੀ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਨੇ ਖਹਿਰਾ ਦੀ ਗਿ੍ਰਫਤਾਰੀ ਖਿਲਾਫ ਲੜਾਈ ਲੜਨ ਦੀ ਗੱਲ ਵੀ ਆਖੀ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਕਾਂਗਰਸ ਪਾਰਟੀ ਇਸ ਨੂੰ ਲੈ ਕੇ ਰਣਨੀਤੀ ਤਿਆਰ ਕਰੇਗੀ ਅਤੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਵਿੱਢੇਗੀ।