ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਚਰਨਜੀਤ ਸ਼ਰਮਾ ਅਤੇ ਉਮਰਾਨੰਗਲ ਨੂੰ ਮਿਲੀ ਜ਼ਮਾਨਤ
![](https://parvasinewspaper.com/wp-content/uploads/2023/09/Sukhbir-Singh-Badal-2.jpg)
ਚੰਡੀਗੜ੍ਹ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਹਾਈ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਸਣੇ ਸੁਮੇਧ ਸੈਣੀ, ਅਮਰ ਸਿੰਘ ਚਾਹਲ, ਚਰਨਜੀਤ ਸ਼ਰਮਾ ਅਤੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ। ਧਿਆਨ ਰਹੇ ਕਿ ਸਾਲ 2015 ’ਚ ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੀ ਫਰੀਦਕੋਟ ਦੀ ਅਦਾਲਤ ਵਿਚ ਇਕ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ ਅਨੁਸਾਰ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇਸ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਲੰਘੀ 21 ਮਾਰਚ ਨੂੰ ਇਸ ਮਾਮਲੇ ’ਚ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ, ਚਰਨਜੀਤ ਸ਼ਰਮਾ ਅਤੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਹਾਈ ਕੋਰਟ ਨੇ ਅੱਜ ਉਸੇ ਜ਼ਮਾਨਤ ਵਿਚ ਹੋਰ ਵਾਧਾ ਕਰ ਦਿੱਤਾ ਹੈ। ਹਾਈ ਕੋਰਟ ਨੇ ਆਰੋਪੀਆਂ ਨੂੰ ਮਾਮਲੇ ਨਾਲ ਸਬੰਧਤ ਗਵਾਹਾਂ ਅਤੇ ਸਬੰਧਤ ਵਿਅਕਤੀਆਂ ਨੂੰ ਪ੍ਰਭਾਵਿਤ ਨਾ ਕਰਨ ਦੇ ਹੁਕਮ ਦਿੱਤੇ ਹਨ।