ਚੰਡੀਗੜ੍ਹ/ਬਿਊਰੋ ਨਿਊਜ਼
ਦਲ ਬਦਲ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਟਿਕਟਾਂ ਦੇਣ ਦੇ ਮਾਮਲੇ ਤੋਂ ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਵਿੱਚ ਬਖੇੜਾ ਖੜਾ ਹੋ ਗਿਆ ਹੈ। ਇਸ ਕਰਕੇ ਕਾਂਗਰਸ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦਾ ਮਾਮਲਾ ਇਕ ਵਾਰ ਫਿਰ ਟਲ ਗਿਆ ਹੈ। ਜਿਹੜੇ 85 ਤੋਂ ਵੱਧ ਉਮੀਦਵਾਰਾਂ ਦੇ ਨਾਵਾਂ ‘ਤੇ ਸਹਿਮਤੀ ਹੋ ਗਈ ਹੈ ਉਨ੍ਹਾਂ ਦੀ ਸੂਚੀ ਛੇਤੀ ਜਾਰੀ ਹੋਣ ਦੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਪਹਿਲੀ ਵਾਰ ਸਕਰੀਨਿੰਗ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਬੁਲਾਇਆ ਗਿਆ ਸੀ। ਅਕਸਰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ, ਵਿਧਾਇਕ ਦਲ ਦਾ ਨੇਤਾ ਅਤੇ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਨੂੰ ਹੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਸੱਦਿਆ ਜਾਂਦਾ ਹੈ ਤੇ ਕੁਝ ਤਬਦੀਲੀਆਂ ਕਰਕੇ ਸੂਚੀ ਜਾਰੀ ਕਰ ਦਿੱਤੀ ਜਾਂਦੀ ਹੈ। ਇਸ ਤੋਂ ਇਸ ਗੱਲ ਦੇ ਸੰਕੇਤ ਮਿਲਦੇ ਹਨ ਕਿ ਹਾਈਕਮਾਂਡ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸ਼ਿਕਾਇਤਾਂ ਪਹੁੰਚ ਚੁੱਕੀਆ ਹਨ। ਇਸ ਕਰਕੇ ਉਹ ਪੂਰੀ ਕਮੇਟੀ ਦੇ ਮੈਂਬਰਾਂ ਦੇ ਵਿਚਾਰ ਜਾਣਨਾ ਚਾਹੁੰਦੀ ਸੀ। ਪਤਾ ਲੱਗਾ ਹੈ ਕਿ ਚੋਣ ਕਮੇਟੀ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਦੀਆਂ ਸੀਟਾਂ ਨੂੰ ਲੈ ਕੇ ਆਗੂਆਂ ਵਿਚਾਲੇ ਰੇੜਕਾ ਪੈ ਗਿਆ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੂੰ ਅੰਮ੍ਰਿਤਸਰ ਦੱਖਣੀ ਤੋਂ ਟਿਕਟ ਦੇਣ ਦੇ ਹੱਕ ਵਿੱਚ ਸਨ ਜਦੋਂ ਕਿ ਕਮੇਟੀ ਦੋ ਸੀਨੀਅਰਾਂ ਮੈਂਬਰਾਂ ਨੇ ਇਸ ਹਲਕੇ ਤੋਂ ਪਿਛਲੀ ਵਾਰ ਚੋਣ ਹਾਰ ਚੁੱਕੇ ਕਾਂਗਰਸ ਆਗੂ ਜਸਵੀਰ ਸਿੰਘ ਡਿੰਪਾ ਨੂੰ ਟਿਕਟ ਦੇਣ ਦੀ ਪੈਰਵੀ ਕੀਤੀ। ਪਤਾ ਲੱਗਾ ਹੈ ਕਿ ਬੁਲਾਰੀਆ ਨੂੰ ਅੰਮ੍ਰਿਤਸਰ ਪੂਰਬੀ ਤੋਂ ਟਿਕਟ ਦੇਣ ਲਈ ਕਿਹਾ ਗਿਆ ਹੈ। ਇਸ ਹਲਕੇ ਤੋਂ ਸਾਬਕਾ ਸੰਸਦੀ ਸਕੱਤਰ ਤੇ ਭਾਜਪਾ ਨੂੰ ਅਲਵਿਦਾ ਕਹਿਕੇ ਕਾਂਗਰਸ ਵਿੱਚ ਸ਼ਾਮਲ ਹੋਈ ਡਾ. ਨਵਜੋਤ ਕੌਰ ਸਿੱਧੂ ਉਮੀਦਵਾਰ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …