ਕਿਹਾ : ਪੰਜਾਬ ਦੇ ਲੋਕਾਂ ਨੂੰ ਹੁਣ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ’ਚ ਜਾਣ ਦੀ ਜ਼ਰੂਰਤ ਨਹੀਂ
![](https://parvasinewspaper.com/wp-content/uploads/2023/10/Bhagwant-Kejriwal.jpg)
ਪਟਿਆਲਾ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਸ਼ਨ ਸਿਹਤਮੰਦ ਪੰਜਾਬ ਦਾ ਆਗਾਜ਼ ਕਰਨ ਲਈ ਅੱਜ ਪਟਿਆਲਾ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ’ਚ ਨਵੇਂ ਬਣੇ ਸਪੈਸ਼ਲ ਯੂਨਿਟ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਮਗਰੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਹਸਪਤਾਲ ਦੇ ਅੰਦਰ ਜਾ ਕੇ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ। ਇਸ ਤੋਂ ਬਾਅਦ ਦੋਵੇਂ ਮੁੱਖ ਮੰਤਰੀ ਰੈਲੀ ਵਾਲੀ ਥਾਂ ’ਤੇ ਪਹੁੰਚੇ ਜਿੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਤੋਂ ਪੰਜਾਬ ਵਿਚ ਸਿਹਤ ਕ੍ਰਾਂਤੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਨੂੰ ਹੱਸਦਾ ਖੇਡਦਾ ਅਤੇ ਰੰਗਲਾ ਪੰਜਾਬ ਬਣਾਉਣ ਦਾ ਹੈ। ਇਸ ਮੌਕੇ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਸਬੰਧੀ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਰਜ਼ਾ ਲੈਂਦੀ ਨਹੀਂ ਸਗੋਂ ਪਹਿਲਾਂ ਵਾਲੀਆਂ ਸਰਕਾਰਾਂ ਵੱਲੋਂ ਪੰਜਾਬ ਸਿਰ ਚੜ੍ਹਾਏ ਕਰਜ਼ੇ ਨੂੰ ਉਤਾਰ ਰਹੀ ਹੈ। ਉਨ੍ਹਾਂ ਕਿਹਾ ਕਿ 50 ਹਜ਼ਾਰ ਕਰੋੜ ਰੁਪਏ ਦਾ ਹਿਸਾਬ ਪੰਜਾਬ ਦੇ ਰਾਜਪਾਲ ਨੂੰ ਵੀ ਦਿੱਤਾ ਜਾਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ। ਕਿਉਂਕਿ 559 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ 40 ਸਰਕਾਰੀ ਹਸਤਾਲਾਂ ’ਚ ਆਈਸੀਯੂ ਤੋਂ ਲੈ ਕੇ ਏਸੀ ਤੱਕ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਸਾਰਾ ਇਲਾਜ ਵੀ ਮੁਫ਼ਤ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਸਰਕਾਰੀ ਹਸਪਤਾਲਾਂ ਵਿਚ ਅਮੀਰ ਲੋਕ ਵੀ ਇਲਾਜ ਕਰਵਾਉਣ ਆਉਂਦੇ ਹਨ ਅਤੇ ਇਸ ਤਰ੍ਹਾਂ ਹੀ ਹੁਣ ਪੰਜਾਬ ਵਿਚ ਵੀ ਹੋਵੇਗਾ।