ਕਿਸਾਨਾਂ ਨੇ ਪੀਐਮ ਨਰਿੰਦਰ ਮੋਦੀ ਦੇ ਪੁਤਲੇ ਫੂਕੇ
ਚੰਡੀਗੜ੍ਹ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਅੱਜ ਮੰਗਲਵਾਰ ਨੂੰ ਭਾਰਤ ਭਰ ’ਚ ਰੋਸ ਪ੍ਰਦਰਸ਼ਨ ਕੀਤੇ। ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਅਤੇ ਰੋਸ ਜ਼ਾਹਰ ਕੀਤਾ। ਇਸੇ ਦੌਰਾਨ ਲਖੀਮਪੁਰ ਖੀਰੀ ਮਾਮਲੇ ਵਿਚ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੰਮਿ੍ਰਤਸਰ ਵਿਚ ਵੀ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਬਜਾਏ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆ ਮੰਗਾਂ ਮੰਨਣ ਲਈ ਦੇਰੀ ਕੀਤੀ ਤਾਂ ਪੰਜਾਬ ਵਿਚ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਕੇ ਪੁਤਲੇ ਫੂਕੇ ਜਾਣਗੇ। ਗੌਰਤਲਬ ਹੈ ਕਿ 3 ਅਕਤੂਬਰ 2021 ਨੂੰ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਇਕ ਗੱਡੀ ਆ ਚੜ੍ਹੀ ਸੀ ਅਤੇ ਇਸ ਗੱਡੀ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਅਸ਼ੀਸ਼ ਮਿਸ਼ਰਾ ਸਵਾਰ ਸੀ। ਇਸ ਦੌਰਾਨ 4 ਕਿਸਾਨਾਂ ਦੀ ਜਾਨ ਚਲੇ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਦੌਰਾਨ 4 ਹੋਰ ਵਿਅਕਤੀਆਂ ਦੀ ਜਾਨ ਵੀ ਚਲੇ ਗਈ ਸੀ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕਰ ਰਹੀਆਂ ਹਨ ਅਤੇ ਇਸਦੇ ਚੱਲਦਿਆਂ ਅੱਜ ਮੰਗਲਵਾਰ ਨੂੰ ਵੀ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ।