ਵੜਿੰਗ ਅਤੇ ਬਾਜਵਾ ਨੇ ਕਿਹਾ : ਡੀਜੀਪੀ ਵੀ ਸਰਕਾਰ ਦੇ ਦਬਾਅ ਹੇਠ ਕਰ ਰਹੇ ਹਨ ਕੰਮ
ਚੰਡੀਗੜ੍ਹ/ਨਿਊਜ਼
ਪੰਜਾਬ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫਤਾਰੀ ਕਰਕੇ ਪਾਰਟੀ ਹਾਈਕਮਾਨ ਵੀ ਨਿਰਾਸ਼ ਚੱਲ ਰਹੀ ਹੈ। ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਮੰਗ ਪੱਤਰ ਦਿੱਤੇ ਜਾਣ ਤੋਂ ਦੋ ਦਿਨ ਬਾਅਦ ਅੱਜ ਮੰਗਲਵਾਰ ਨੂੰ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਡੀਜੀਪੀ ਗੌਰਵ ਯਾਦਵ ਦੇ ਚੰਡੀਗੜ੍ਹ ਸਥਿਤ ਦਫਤਰ ਦਾ ਰੁਖ ਕੀਤਾ। ਪਰ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਕਾਂਗਰਸੀਆਂ ਨੂੰ ਕਾਂਗਰਸ ਭਵਨ ਦੇ ਬਾਹਰ ਹੀ ਰੋਕ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਬਹੁਤ ਹੀ ਗਲਤ ਤਰੀਕੇ ਨਾਲ ਗਿ੍ਰਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੀਜੀਪੀ ਗੌਰਵ ਯਾਦਵ ਵੀ ਪੰਜਾਬ ਸਰਕਾਰ ਦੇ ਦਬਾਅ ਹੇਠ ਹੀ ਕੰਮ ਕਰ ਰਹੇ ਹਨ। ਧਿਆਨ ਰਹੇ ਕਿ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਮਾਮਲੇ ਵਿਚ ਪਿਛਲੇ ਦਿਨੀਂ ਵਿਜੀਲੈਂਸ ਨੇ ਚੰਡੀਗੜ੍ਹ ਤੋਂ ਗਿ੍ਰਫਤਾਰ ਕੀਤਾ ਸੀ ਅਤੇ ਹੁਣ ਉਹ ਪੁਲਿਸ ਰਿਮਾਂਡ ’ਤੇ ਹਨ। ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਦਾ ਪੰਜਾਬ ਕਾਂਗਰਸ ਲਗਾਤਾਰ ਵਿਰੋਧ ਕਰ ਰਹੀ ਹੈ।