Breaking News
Home / ਹਫ਼ਤਾਵਾਰੀ ਫੇਰੀ / ਸੁਪਰੀਮ ਕੋਰਟ ਨੇ ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਸੁਪਰੀਮ ਕੋਰਟ ਨੇ ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਐਸਵਾਈਐਲ ਦੇ ਮੁੱਦੇ ‘ਤੇ ਰਾਜਨੀਤੀ ਨਾ ਕਰੇ ਪੰਜਾਬ ਸਰਕਾਰ : ਸੁਪਰੀਮ ਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਫਟਕਾਰ ਲਗਾਈ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਕਿਉਂਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਅਤੇ ਸੁਪਰੀਮ ਕੋਰਟ ਨੂੰ ਸਖਤ ਹੁਕਮ ਦੇਣ ਲਈ ਮਜਬੂਰ ਨਾ ਕੀਤਾ ਜਾਵੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਪੰਜਾਬ ਸਰਕਾਰ ਦੇ ਰਵੱਈਏ ਤੋਂ ਸਖਤ ਨਾਰਾਜ਼ ਨਜ਼ਰ ਆਈ ਅਤੇ ਸੁਪਰੀਮ ਕੋਰਟ ਨੇ ਹੁਕਮ ਦਿੱਤੇ ਕਿ ਪੰਜਾਬ ਸਰਕਾਰ ਇਸ ਮਾਮਲੇ ‘ਚ ਅੱਗੇ ਵਧੇ। ਕਿਹਾ ਗਿਆ ਕਿ ਜੇਕਰ ਸੁਪਰੀਮ ਕੋਰਟ ਐਸਵਾਈਐਲ ਨਹਿਰ ਦੇ ਹੱਲ ਵੱਲ ਵਧ ਰਹੀ ਤਾਂ ਪੰਜਾਬ ਸਰਕਾਰ ਨੂੰ ਵੀ ਆਪਣਾ ਹਾਂਪੱਖੀ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਐਸ ਵਾਈ ਐਲ ਦੇ ਮੁੱਦੇ ‘ਤੇ ਹੋਣ ਵਾਲੀ ਡਿਵੈਲਪਮੈਂਟ ਦੀ ਰਿਪੋਰਟ ਦੇਣ ਲਈ ਵੀ ਕਿਹਾ ਜਦਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ‘ਚ ਹੋਵੇਗੀ। ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਦਰਮਿਆਨ ਐਸਵਾਈਐਲ ਦੇ ਮੁੱਦੇ ‘ਤੇ ਪਿਛਲੇ ਦੋ ਦਹਾਕਿਆਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਰਮਿਆਨ ਦੋ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪ੍ਰੰਤੂ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਇਕ ਪਾਸੇ ਜਿੱਥੇ ਪੰਜਾਬ ਸਰਕਾਰ ਦਾ ਕਹਿਣਾ ਹੈ ਸਾਡੇ ਕੋਲ ਕਿਸੇ ਵੀ ਦੂਜੇ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਜਦਕਿ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਹ ਪਾਣੀ ਲੈ ਕੇ ਰਹਿਣਗੇ।
ਕਿਸੇ ਦੂਜੇ ਸੂਬੇ ਨੂੰ ਨਹੀਂ ਦਿਆਂਗੇ ਵਾਧੂ ਪਾਣੀ : ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ‘ਤੇ ਵੀਰਵਾਰ ਨੂੰ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ। ਚੰਡੀਗੜ੍ਹ ‘ਚ ਕਰੀਬ 45 ਮਿੰਟ ਚੱਲੀ ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਪੰਜਾਬ ‘ਚੋਂ ਇਕ ਬੂੰਦ ਵੀ ਵਾਧੂ ਪਾਣੀ ਕਿਸੇ ਦੂਜੇ ਸੂਬੇ ਨੂੰ ਨਹੀਂ ਦਿਆਂਗੇ। ਮੀਟਿੰਗ ਦੌਰਾਨ ਮਾਨਸੂਨ ਇਜਲਾਸ ਬੁਲਾਉਣ ‘ਤੇ ਵਿਚਾਰ ਵੀ ਹੋਇਆ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਐਸ.ਵਾਈ.ਐਲ. ਨਹਿਰ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਝਾੜ ਪਾਈ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਰਾਜਨੀਤੀ ਨਾ ਕਰੇ ਅਤੇ ਕਿਹਾ ਸੀ ਕਿ ਪੰਜਾਬ ਸਰਕਾਰ ਆਪਣੇ ਆਪ ਨੂੰ ਕਾਨੂੰਨ ਤੋਂ ਉਪਰ ਨਾ ਸਮਝੇ।

 

Check Also

PM ਜਸਟਿਨ ਟਰੂਡੋ ਨੇ ਜਿੱਤਿਆ ਭਰੋਸੇ ਦਾ ਵੋਟ

ਸਦਨ ਵਿਚ ਫੇਲ੍ਹ ਹੋਇਆ ਵਿਰੋਧੀ ਧਿਰ ਕੰਸਰਵੇਟਿਵ ਦਾ ਮਤਾ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ …