ਗਿ੍ਰਫਤਾਰੀ ਨੂੰ ਗੈਰਕਾਨੂੰਨੀ ਦੱਸਦਿਆਂ ਜ਼ਮਾਨਤ ਲਈ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹੁਣ ਹਾਈਕੋਰਟ ਦਾ ਰੁਖ ਕੀਤਾ ਹੈ। ਐੱਨ.ਡੀ.ਪੀ.ਐੱਸ. ਦੇ 2015 ਵਿਚ ਦਰਜ ਕੇਸ ਵਿਚ ਐੱਸਆਈਟੀ ਵੱਲੋਂ ਕੀਤੀ ਗਈ ਗਿ੍ਰਫਤਾਰੀ ’ਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਚੁਣੌਤੀ ਦਿੱਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਵਿਚ ਜ਼ਮਾਨਤ ’ਤੇ ਰਿਹਾਅ ਕਰਨ ਦੀ ਅਪੀਲ ਵੀ ਕੀਤੀ ਹੈ। ਇਸੇ ਦੌਰਾਨ ਜਸਟਿਸ ਵਿਕਾਸ ਬਹਿਲ ਨੇ ਨਿੱਜੀ ਕਾਰਨਾਂ ਕਰਕੇ ਸੁਣਵਾਈ ਤੋਂ ਇਨਕਾਰ ਕਰਦੇ ਹੋਏ ਪਟੀਸ਼ਨ ਨੂੰ ਚੀਫ ਜਸਟਿਸ ਨੂੰ ਰੈਫਰ ਕਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਪਟੀਸ਼ਨ ਵਿਚ ਦੱਸਿਆ ਕਿ ਇਸ ਮਾਮਲੇ ਵਿਚ ਪਟੀਸ਼ਨਰ ਨੂੰ ਵੱਖ-ਵੱਖ ਪੱਧਰਾਂ ’ਤੇ ਰਾਹਤ ਦੇ ਬਾਵਜੂਦ ਪੰਜਾਬ ਪੁਲਿਸ ਉਨ੍ਹਾਂ ਖਿਲਾਫ ਕਾਨੂੰਨ ਦੇ ਵਿਰੁੱਧ ਜਾ ਕੇ ਕਾਰਵਾਈ ਕਰ ਰਹੀ ਹੈ। ਖਹਿਰਾ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਉਹ ਪਹਿਲਾਂ ਆਮ ਆਦਮੀ ਪਾਰਟੀ ਵਿਚ ਸਨ ਤੇ ਬਾਅਦ ਵਿਚ ਉਹ ਕਾਂਗਰਸ ’ਚ ਸ਼ਾਮਲ ਹੋ ਗਏ। ਇਸ ਦੇ ਚੱਲਦਿਆਂ ਉਨ੍ਹਾਂ ਖਿਲਾਫ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਖਹਿਰਾ ਨੇ ਪਟੀਸ਼ਨ ਵਿਚ ਗਿ੍ਰਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਇਸ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਹੈ।