1840 ਮੰਡੀਆਂ ’ਚ ਝੋਨੇ ਦੀ ਚੱਲ ਰਹੀ ਖਰੀਦ ਹੋਵੇਗੀ ਪ੍ਰਭਾਵਿਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ’ਚ ਕੰਮ ਕਰਦੇ 10 ਲੱਖ ਮਜ਼ਦੂਰ ਅੱਜ 7 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਚਲੇ ਗਏ ਹਨ। ਜਿਸ ਦੇ ਚਲਦਿਆਂ ਪੰਜਾਬ ਭਰ ਦੀਆਂ 1840 ਮੰਡੀਆਂ ’ਚ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਜ਼ਦੂਰਾਂ ਵੱਲੋਂ ਮੰਡੀਆਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ ਅਤੇ ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਮੰਡੀਆਂ ਦੇ ਗੇਟ ਨਹੀਂ ਖੋਲ੍ਹਣਗੇ ਜਦੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਹਰ ਰੋਜ਼ ਸਬੰਧਤ ਵਿਭਾਗ ਖਿਲਾਫ਼ ਪ੍ਰਦਰਸ਼ਨ ਵੀ ਕੀਤੇ ਜਾਣਗੇ। ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਸਬੰਧਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਅਤੇ ਮਜ਼ਦੂਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਿਹਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਪਹਿਲਾਂ ਇਹ ਸੰਘਰਸ਼ 1 ਅਕਤੂਬਰ ਤੋਂ ਸ਼ੁਰੂ ਕੀਤਾ ਜਾਣਾ ਸੀ ਪ੍ਰੰਤੂ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਦੀ ਰੂਪਰੇਖਾ ਨੂੰ ਅੱਗੇ ਪਾ ਦਿੱਤਾ ਗਿਆ ਸੀ। ਪ੍ਰੰਤੂ ਭਰੋਸੇ ਤੋਂ ਬਾਅਦ ਵੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਚਲਦਿਆਂ ਅੱਜ 7 ਅਕਤੂਬਰ ਤੋਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

