ਐਸ.ਵਾਈ.ਐਲ. ਦੇ ਵਿਰੋਧ ’ਚ ਅਕਾਲੀ ਦਲ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ
ਐਸ.ਵਾਈ.ਐਲ. ਦੇ ਵਿਰੋਧ ’ਚ ਅਕਾਲੀ ਦਲ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ
ਭਗਵੰਤ ਮਾਨ ਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਮੰਗਲਵਾਰ ਨੂੰ ਐਸ.ਵਾਈ.ਐਲ. ਦੇ ਵਿਰੋਧ ਵਿਚ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੇ ਆਗੂ, ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਜਾ ਰਹੇ ਸਨ ਤਾਂ ਪੁਲਿਸ ਨੇ ਇਨ੍ਹਾਂ ਅਕਾਲੀ ਆਗੂਆਂ ਨੂੰ ਰਸਤੇ ਵਿਚ ਹੀ ਰੋਕ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਜਦੋਂ ਉਨ੍ਹਾਂ ਨੇ ਇਹ ਚੁਣੌਤੀ ਕਬੂਲ ਕਰ ਲਈ ਹੈ ਤਾਂ ਚੰਡੀਗੜ੍ਹ ਪੁਲਿਸ ਨੇ ਅਕਾਲੀ ਆਗੂਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਸੁਖਬੀਰ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਦੇ ਇਕ ਡੀਐਸਪੀ ਨੇ ਸਪਸ਼ਟ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀਆਂ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਸੁਖਬੀਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹੀ ਪੰਜਾਬ ਦੇ ਮੁੱਖ ਮੰਤਰੀ ਹਨ। ਉਨ੍ਹਾਂ ਨੇ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸੇ ਦੌਰਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਚੁਣੌਤੀ ਕਬੂਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੱਧ ਪ੍ਰਦੇਸ਼ ਵਿਚ ਚੋਣ ਪ੍ਰਚਾਰ ਕਰਨ ਲਈ ਚਲੇ ਗਏ ਹਨ। ਇਹ ਵੀ ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਐਸ.ਵਾਈ.ਐਲ. ਦੇ ਵਿਰੋਧ ’ਚ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ ਸੀ।