ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20 ਅਤੇ 21 ਅਕਤੂਬਰ ਨੂੰ ਸੱਦਿਆ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20 ਅਤੇ 21 ਅਕਤੂਬਰ ਨੂੰ ਸੱਦ ਲਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਇਜਲਾਸ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮਨਜ਼ੂਰੀ ਦੀ ਕੋਈ ਲੋੜ ਨਹੀਂ ਕਿਉਂਕਿ ਇਹ ਪੁਰਾਣਾ ਸੈਸ਼ਨ ਹੀ ਚੱਲ ਰਿਹਾ ਹੈ ਅਤੇ ਇਸ ਵਿਸ਼ੇਸ਼ ਇਜਲਾਸ ਵਿਚ ਪੁਰਾਣੇ ਸੈਸ਼ਨ ਦੀ ਹੀ ਸੀਟਿੰਗ ਹੋਵੇਗੀ। ਇਸ ਦੋ ਦਿਨਾ ਵਿਸ਼ੇਸ਼ ਇਜਲਾਸ ਦੌਰਾਨ ਵੱਖ-ਵੱਖ ਮੁੱਦਿਆਂ ਜਿਵੇਂ ਸਤਲੁਜ ਯਮੁਨਾ ਲਿੰਕ ਨਹਿਰ, ਆਰ ਡੀ ਐਫ ਅਤੇ ਸਪੈਸ਼ਲ ਸੁਰੱਖਿਆ ਵਰਗੇ ਮੁੱਦਿਆਂ ’ਤੇ ਚਰਚਾ ਕਰਵਾਈ ਜਾ ਸਕਦੀ। ਐਸ ਵਾਈ ਐਲ ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਅਤੇ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਵਿਰੋਧੀ ਪਾਰਟੀਆਂ ਦਾ ਆਰੋਪ ਹੈ ਕਿ ਮਾਨ ਸਰਕਾਰ ਨੇ ਸੁਪਰੀਮ ਕੋਰਟ ’ਚ ਪਾਣੀਆਂ ਦੇ ਮੁੱਦੇ ’ਤੇ ਗੋਡ ਟੇਕ ਦਿੱਤੇ ਹਨ ਜਦਕਿ ਭਗਵੰਤ ਮਾਨ ਸਰਕਾਰ ਦਾ ਕਹਿਣਾ ਹੈ ਪੰਜਾਬ ਦੇ ਵਾਧੂ ਪਾਣੀਆਂ ਵਿਚੋਂ ਇਕ ਬੂੰਦ ਵੀ ਦੂਜੇ ਰਾਜਾਂ ਨੂੰ ਨਹੀਂ ਦਿੱਤੀ ਜਾਵੇਗੀ।