ਡਰੱਗ ਤਸਕਰੀ ਦੇ ਮਾਮਲੇ ’ਚ ਘਿਰੇ ਖਹਿਰਾ ਨਾਭਾ ਜੇਲ੍ਹ ’ਚ ਹਨ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਤਸਕਰੀ ਦੇ ਮਾਮਲੇ ’ਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਉਨ੍ਹਾਂ ’ਤੇ ਹਾਈ ਕਾਰਵਾਈ ਅਤੇ ਆਪਣੀ ਗਿ੍ਰਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ, ਜਿਸ ’ਤੇ ਅੱਜ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੰਘੀ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਜਲਾਲਾਬਾਦ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਸੀ। ਪੁਲਿਸ ਅਨੁਸਾਰ ਖਹਿਰਾ ਖਿਲਾਫ ਇਹ ਕਾਰਵਾਈ 2015 ਦੇ ਐਨਡੀਪੀਐਸ ਮਾਮਲੇ ਤਹਿਤ ਕੀਤੀ ਗਈ ਸੀ। ਗਿ੍ਰਫ਼ਤਾਰੀ ਤੋਂ ਬਾਅਦ ਖਹਿਰਾ ਨੂੰ ਜਲਾਲਾਬਾਦ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਖਹਿਰਾ ਨੂੰ ਨਾਭਾ ਦੀ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ। ਜਦਕਿ ਸੁਖਪਾਲ ਖਹਿਰਾ ਵੱਲੋਂ ਆਪਣੀ ਗਿ੍ਰਫ਼ਤਾਰੀ ਨੂੰ ਗੈਰਕਾਨੂੰਨੀ ਦੱਸਦਿਆਂ ਇਸ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।