ਕਿਹਾ ; ਭਵਿੱਖ ਲਈ ਜਾਤੀ ਅਧਾਰਿਤ ਜਨਗਣਨਾ ਜ਼ਰੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਜਾਤੀ ਆਧਾਰਿਤ ਜਨਗਣਨਾ ਦੇ ਵਿਚਾਰ ਦੇ ਪੱਖ ‘ਚ ਇਤਿਹਾਸਕ ਫੈਸਲਾ ਲਿਆ ਹੈ ਅਤੇ ਇਹ ਗਰੀਬਾਂ ਦੀ ਮੁਕਤੀ ਲਈ ਇੱਕ ਸ਼ਕਤੀਸ਼ਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਭਵਿੱਖ ਲਈ ਵੀ ਜਾਤੀ ਆਧਾਰਿਤ ਜਨਗਣਨਾ ਬਹੁਤ ਜ਼ਰੂਰੀ ਹੈ।
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਪਾਸ ਕੀਤੇ ਗਏ ਇੱਕ ਮਤੇ ‘ਚ ਕਾਂਗਰਸ ਨੇ ਵਾਅਦਾ ਕੀਤਾ ਹੈ ਕਿ ਉਸਦੀ ਅਗਵਾਈ ਹੇਠ ਸਰਕਾਰ ਬਣਨ ‘ਤੇ ਦੇਸ਼ ਭਰ ‘ਚ ਆਮ ਜਨਗਣਨਾ ਦੇ ਨਾਲ ਹੀ ਜਾਤੀ ਆਧਾਰਿਤ ਜਨਗਣਨਾ ਕਰਵਾਈ ਜਾਵੇਗੀ ਅਤੇ ਓਬੀਸੀ, ਐੱਸਸੀ ਤੇ ਐੱਸਟੀ ਲਈ ਰਾਖਵੇਂਕਰਨ ਦੀ ਵੱਧ ਤੋਂ ਵੱਧ 50 ਫੀਸਦ ਦੀ ਹੱਦ ਖਤਮ ਕੀਤੀ ਜਾਵੇਗੀ। ਪਾਰਟੀ ਨੇ ਨਾਲ ਹੀ ਸਰਕਾਰ ਬਣਨ ‘ਤੇ ਲੋਕ ਸਭਾ ਤੇ ਵਿਧਾਨ ਸਭਾਵਾਂ ‘ਚ ਮਹਿਲਾਵਾਂ ਨੂੰ 33 ਫੀਸਦ ਰਾਖਵਾਂਕਰਨ ਦੇਣ ਦਾ ਵਾਅਦਾ ਵੀ ਕੀਤਾ ਹੈ।
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਮੀਡੀਆ ਨੂੰ ਇਹ ਵੀ ਕਿਹਾ ਕਿ ਵਿਰੋਧੀ ਗੱਠਜੋੜ ‘ਇੰਡੀਆ’ ਦੀਆਂ ਜ਼ਿਆਦਾਤਰ ਪਾਰਟੀਆਂ ਜਾਤੀ ਆਧਾਰਿਤ ਜਨਗਣਨਾ ਦੇ ਪੱਖ ਵਿੱਚ ਹਨ। ਉਨ੍ਹਾਂ ਕਿਹਾ, ‘ਵਰਕਿੰਗ ਕਮੇਟੀ ਨੇ ਇੱਕ ਇਤਿਹਾਸਕ ਫ਼ੈਸਲਾ ਲਿਆ ਹੈ। ਸਭ ਦੀ ਸਹਿਮਤੀ ਨਾਲ ਜਾਤੀ ਆਧਾਰਿਤ ਜਨਗਣਨਾ ਦੇ ਵਿਚਾਰ ਦੀ ਹਮਾਇਤ ਕਰਨ ਦਾ ਫ਼ੈਸਲਾ ਹੋਇਆ ਹੈ।’ ਉਨ੍ਹਾਂ ਕਿਹਾ ਕਿ ਕਾਂਗਰਸ ਜਾਤੀ ਆਧਾਰਿਤ ਜਨਗਣਨਾ ਲਈ ਭਾਜਪਾ ‘ਤੇ ਪੂਰਾ ਦਬਾਅ ਬਣਾਏਗੀ। ਕਾਂਗਰਸ ਆਗੂ ਨੇ ਕਿਹਾ ਕਿ ਇਹ ਰਾਜਨੀਤਕ ਫ਼ੈਸਲਾ ਨਹੀਂ ਬਲਕਿ ਨਿਆਂ ਦਾ ਫ਼ੈਸਲਾ ਹੈ।
ਉਨ੍ਹਾਂ ਇਹ ਆਰੋਪ ਵੀ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਤੀ ਆਧਾਰਿਤ ਜਨਗਣਨਾ ਕਰਵਾਉਣ ਦੇ ਸਮਰੱਥ ਨਹੀਂ ਹਨ। ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਓਬੀਸੀ ਵਰਗ ਲਈ ਕੰਮ ਨਹੀਂ ਕਰਦੇ ਬਲਕਿ ਉਹ ਉਨ੍ਹਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦੇ ਹਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …