‘ਅੱਛੇ ਦਿਨਾਂ’ ਨੂੰ ਭਾਜਪਾ ਦੀ ਜੁਮਲੇਬਾਜ਼ੀ ਕਰਾਰ ਦਿੱਤਾ; ਰਵਾਇਤੀ ਪਾਰਟੀਆਂ ‘ਤੇ ਸੇਧਿਆ ਨਿਸ਼ਾਨਾ
ਰੀਵਾ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ‘ਆਪ’ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਸਣੇ ਪੂਰੇ ਦੇਸ਼ ਵਿੱਚ ‘ਅੱਛੇ ਦਿਨ’ ਕਦੇ ਆਏ ਹੀ ਨਹੀਂ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਨ ‘ਤੇ ਸੂਬੇ ਵਿੱਚ ਵਿਕਾਸ ਦੇ ‘ਸੱਚੇ ਦਿਨ’ ਜ਼ਰੂਰ ਆਉਣਗੇ, ਜਿਸ ਵਿੱਚ ਜੋ ਕਿਹਾ ਜਾਵੇਗਾ, ਉਹ ਕਰਕੇ ਦਿਖਾਇਆ ਜਾਵੇਗਾ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸਿਰਮੌਰ ਤੇ ਮਊਗੰਜ ਵਿੱਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਸੂਬੇ ਵਿੱਚ ਲੁੱਟ ਤੇ ਭ੍ਰਿਸ਼ਟਾਚਾਰ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਵਾਂਗ ‘ਜੁਮਲੇਬਾਜ਼ੀ’ ਨਹੀਂ ਕਰਦੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਡੇਢ ਸਾਲਾਂ ਦੀ ਕਾਰਗੁਜ਼ਾਰੀ ਵੀ ਮੱਧ ਪ੍ਰਦੇਸ਼ ਦੇ ਲੋਕਾਂ ਦੇ ਧਿਆਨ ‘ਚ ਲਿਆਂਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਨੇ ਹੁਣ ਤਕ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 28 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਹੈ। ਸੂਬੇ ਦੇ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਭਰ ਵਿੱਚ ਭਾਜਪਾ ਤੇ ਹੋਰ ਸਿਆਸੀ ਪਾਰਟੀਆਂ ਵਿੱਚ ਪਰਿਵਾਰਵਾਦ ਹਾਵੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਨੂੰ ‘ਡਬਲ ਇੰਜਣ’ ਵਾਲੀ ਸਰਕਾਰ ਦੀ ਨਹੀਂ ਸਗੋਂ ਕੇਜਰੀਵਾਲ ਦੀ ਨਵੀਂ ਇੰਜਣ ਵਾਲੀ ਸਰਕਾਰ ਦੀ ਲੋੜ ਹੈ ਜੋ ਵਿਕਾਸ ਲਈ ਕੰਮ ਕਰੇਗੀ।