-12.5 C
Toronto
Thursday, January 29, 2026
spot_img
Homeਪੰਜਾਬਨਸ਼ਾ ਵਿਰੋਧੀ ਮੁਹਿੰਮ : ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰੇ

ਨਸ਼ਾ ਵਿਰੋਧੀ ਮੁਹਿੰਮ : ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰੇ

ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਸੌਂਪੇ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਤੇ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਪੰਜਾਬ ਭਰ ‘ਚ ਅੱਠ ਮੰਤਰੀਆਂ ਅਤੇ 34 ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਬਿਆਨ ਰਾਹੀਂ ਦੱਸਿਆ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਦੋ ਹਜ਼ਾਰ ਦੇ ਲਗਪਗ ਪਿੰਡਾਂ ਤੋਂ ਵੱਡੀ ਗਿਣਤੀ ਔਰਤਾਂ, ਨੌਜਵਾਨਾਂ ਤੇ ਹੋਰ ਕਿਰਤੀ ਲੋਕ ਸ਼ਾਮਲ ਹੋਏ। ਪ੍ਰਦਰਸ਼ਨ ਦੌਰਾਨ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਆਪਣੇ ਦਿਲ ਦੇ ਟੁਕੜਿਆਂ ਦੀਆਂ ਤਸਵੀਰਾਂ ਵੀ ਚੁੱਕੀਆਂ ਹੋਈਆਂ ਸਨ।
ਯੂਨੀਅਨ ਦੇ ਆਗੂਆਂ ਦੀ ਅਗਵਾਈ ਹੇਠ ਮੰਤਰੀਆਂ ਤੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਸ਼ਾ-ਉਤਪਾਦਕ ਸਾਮਰਾਜੀ ਕੰਪਨੀਆਂ, ਵੱਡੇ ਤਸਕਰਾਂ, ਸਿਆਸਤਦਾਨਾਂ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਸਣੇ ਪੰਜਾਬ ਸਰਕਾਰ ਖਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਨਸ਼ੇ ਦੇ ਵਪਾਰ ਵਿੱਚ ਸ਼ਾਮਲ ਸਿਆਸਤਦਾਨਾਂ ਤੇ ਅਫ਼ਸਰਾਂ ਖਿਲਾਫ ਮੁਹਿੰਮ ਚਲਾਉਣ ਦਾ ਐਲਾਨ ਕੀਤਾ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਚਿੱਟੇ ਦੇ ਵਪਾਰ ਵਿਚ ਸ਼ਾਮਲ ਕਾਰਪੋਰੇਟ ਘਰਾਣਿਆਂ, ਅਫਸਰਸ਼ਾਹੀ, ਸਿਆਸਤਦਾਨਾਂ ਅਤੇ ਵੱਡੇ ਤਸਕਰਾਂ ਦੇ ਨਾਮ ਨਸ਼ਰ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਨਸ਼ਾ-ਪੀੜਤਾਂ ਅਤੇ ਛੋਟੇ ਪੱਧਰ ‘ਤੇ ਨਸ਼ਾ ਵੰਡਣ ਵਾਲਿਆਂ ਦੇ ਮੁੜ-ਵਸੇਬੇ ਲਈ ਢੁੱਕਵੀਂ ਨੀਤੀ ਲਈ ਕਦਮ ਚੁੱਕੇ ਜਾਣ। ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਨੀਤੀ ਤਿਆਗੀ ਜਾਵੇ। ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਦੀ ਮੰਗ ‘ਤੇ ਸ਼ਰਾਬ ਦੇ ਠੇਕੇ ਖ਼ਤਮ ਕੀਤੇ ਜਾਣ। ਇਸ ਦੌਰਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ ਸ਼ਾਮਲ ਸਨ।

 

RELATED ARTICLES
POPULAR POSTS