ਕਿਸਾਨ ਜਥੇਬੰਦੀਆਂ ਨੇ ਹਰੀ ਕ੍ਰਾਂਤੀ ਦੇ ਪਿਤਾਮਾ ਡਾ. ਐਮ.ਐਸ. ਸਵਾਮੀਨਾਥਨ ਨੂੰ ਕੀਤਾ ਯਾਦ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਹਰੀ ਕ੍ਰਾਂਤੀ ਦੇ ਪਿਤਾਮਾ ਮੰਨੇ ਜਾਂਦੇ ਡਾ. ਐੱਮਐੱਸ ਸਵਾਮੀਨਾਥਨ ਦੀ ਯਾਦ ਵਿੱਚ ਜਲੰਧਰ ਦੇ ਅਰਬਨ ਅਸਟੇਟ ਫੇਜ਼-ਦੋ ਦੇ ਗੁਰਦਆਰਾ ਸਿੰਘ ਸਭਾ ਵਿੱਚ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ। ਇਸ ਮੌਕੇ ਸੂਬੇ ਭਰ ਤੋਂ ਆਏ ਕਿਸਾਨ ਆਗੂਆਂ ਨੇ ਫ਼ੈਸਲਾ ਕੀਤਾ ਕਿ 18 ਅਕਤੂਬਰ ਨੂੰ ਸਵੇਰੇ 10 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਤੋਂ ਘੱਟੋ-ਘੱਟ ਸਾਂਝੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਸਵਾਮੀਨਾਥਨ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਸਾਨ ਆਗੂਆਂ ਨੇ ਇੱਕ ਸੁਰ ਹੁੰਦਿਆਂ ਕਿਹਾ ਕਿ ਏਕਤਾ ਸਮੇਂ ਦੀ ਮੁੱਖ ਲੋੜ ਹੈ। ਪਹਿਲਾਂ ਵੀ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਦੇਸ਼ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਏਕਤਾ ਦੇ ਸਿਰ ‘ਤੇ ਹੀ ਜਿੱਤਿਆ ਗਿਆ ਸੀ। ਇਸ ਮੌਕੇ ਆਗੂਆਂ ਨੇ ਦੇਸ਼ ਤੇ ਖ਼ਾਸ ਕਰਕੇ ਪੰਜਾਬ ਦੀ ਕਿਸਾਨੀ ਦੇ ਸਾਹਮਣੇ ਖੜ੍ਹੀਆਂ ਚੁਣੌਤੀਆਂ ਦਾ ਜ਼ਿਕਰ ਕੀਤਾ। ਕਿਸਾਨਾਂ ਨੇ ਇਸ ਗੱਲ ਦੀ ਹਾਮੀ ਭਰੀ ਕਿ ਹਕੂਮਤਾਂ ਨਾਲ ਸੰਘਰਸ਼ ਕਰਕੇ ਹੀ ਹੱਕ ਲਏ ਜਾ ਸਕਦੇ ਹਨ। ਬੁਲਾਰਿਆਂ ਨੇ ਕਿਹਾ ਕਿ ਖੇਤੀ ਵਿਗਿਆਨੀ ਪ੍ਰਤੀ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਇੰਨ-ਬਿੰਨ ਲਾਗੂ ਹੋ ਜਾਵੇ।
ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਫਾਰਮੂਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਇੱਕ ਸੰਯੁਕਤ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸਵਾਮੀਨਾਥਨ ਹੋਰਾਂ ਨੂੰ ਅਸਲ ਸ਼ਰਧਾਂਜਲੀ ਇਹ ਹੈ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ‘ਤੇ ਇਕੱਠੀਆਂ ਹੋਣ। ਉਨ੍ਹਾਂ ਐੱਸਵਾਈਐੱਲ ਦੇ ਮੁੱਦੇ ‘ਤੇ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਨਿਖੇਧੀ ਕੀਤੀ ਤੇ ਰਾਜਨੀਤੀ ਕਰਨ ਦਾ ਆਰੋਪ ਲਾਇਆ। ਉਨ੍ਹਾਂ ਕਿਹਾ ਕਿ ਪਾਣੀ ਦੇ ਇਸ ਝਗੜੇ ਨੂੰ ਰਿਪੇਰੀਅਨ ਸਿਧਾਂਤ ਦੇ ਆਧਾਰ ‘ਤੇ ਹੱਲ ਕੀਤਾ ਜਾਵੇ, ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਨਿਊਜ਼ਕਲਿਕ ‘ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਗਈ ਅਤੇ ਕਿਸਾਨਾਂ ‘ਤੇ ਦਰਜ ਸਾਰੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।
ਇਸ ਸ਼ਰਧਾਂਜਲੀ ਸਮਾਗਮ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਕੰਵਲਪ੍ਰੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਹਰਜਿੰਦਰ ਸਿੰਘ ਟਾਂਡਾ, ਕੁਲਵੰਤ ਸਿੰਘ ਸੰਧੂ, ਬੂਟਾ ਸਿੰਘ ਬੁਰਜਗਿੱਲ, ਹਰਮੀਤ ਸਿੰਘ ਕਾਦੀਆਂ, ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਡਾ. ਰਮਿੰਦਰ ਸਿੰਘ ਪਟਿਆਲਾ, ਮੁਕੇਸ਼ ਚੰਦਰ ਸ਼ਰਮਾ, ਮਨਜੀਤ ਸਿੰਘ ਰਾਏ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਬਲਕਰਨ ਸਿੰਘ ਬਰਾੜ, ਬਿੰਦਰ ਸਿੰਘ ਗੋਲੇਵਾਲ ਨੇ ਸੰਬੋਧਨ ਕੀਤਾ।