Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਅਕਾਲੀਆਂ ‘ਤੇ ਪਾਣੀ ਦੀਆਂ ਬੁਛਾੜਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਅਕਾਲੀਆਂ ‘ਤੇ ਪਾਣੀ ਦੀਆਂ ਬੁਛਾੜਾਂ

ਅਕਾਲੀ ਆਗੂਆਂ ਨੇ ‘ਆਪ’ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪੁਲਿਸ ਦੀਆਂ ਜਲ ਤੋਪਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਐੱਸਵਾਈਐੱਲ ‘ਤੇ ਬਹਿਸ ਕਰਨ ਦੀ ਚੁਣੌਤੀ ਨੂੰ ਪ੍ਰਵਾਨ ਕਰਦਿਆਂ ਇੱਥੇ ਪੁੱਜੇ ਸਨ, ਪਰ ਭਗਵੰਤ ਮਾਨ ਨੇ ਬਹਿਸ ਦੀ ਥਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੱਧ ਪ੍ਰਦੇਸ਼ ਜਾਣ ਨੂੰ ਤਰਜੀਹ ਦਿੱਤੀ। ਸੁਖਬੀਰ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਵੀ ਕਾਂਗਰਸ ਪਾਰਟੀ ਦੇ ਰਾਹ ‘ਤੇ ਚੱਲ ਰਹੀ ਹੈ। ਉਨ੍ਹਾਂ ਆਰੋਪ ਲਾਇਆ ਕਿ ‘ਆਪ’ ਹਰਿਆਣਾ ਤੇ ਰਾਜਸਥਾਨ ਨੂੰ ਹੋਰ ਪਾਣੀ ਦੇਣ ਦੀ ਤਿਆਰੀ ਵਿਚ ਹੈ ਤਾਂ ਜੋ ਇਨ੍ਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਮੌਕੇ ਪਾਰਟੀ ਨੂੰ ਸਿਆਸੀ ਲਾਹਾ ਮਿਲ ਸਕੇ।
ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਮਾਨ ਨੇ ਸੁਪਰੀਮ ਕੋਰਟ ਵਿੱਚ ਐੱਸਵਾਈਐੱਲ ‘ਤੇ ਸੁਣਵਾਈ ਦੌਰਾਨ ਇਹ ਗੱਲ ਪ੍ਰਵਾਨ ਕੀਤੀ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਦੇਣ ਲਈ ਸਹਿਮਤੀ ਪ੍ਰਗਟ ਕੀਤੀ ਹੈ, ਪਰ ਵਿਰੋਧੀ ਪਾਰਟੀਆਂ ਦੇ ਦਬਾਅ ਅਤੇ ਅਕਾਲੀ ਦਲ ਦੀ ਸਰਕਾਰ ਵੱਲੋਂ 2016 ਵਿਚ ਕਿਸਾਨ ਨੂੰ ਵਾਪਸ ਕੀਤੀ ਜ਼ਮੀਨ ਮੁੜ ਐਕੁਆਇਰ ਕਰਨ ਵਿੱਚ ਆ ਰਹੀ ਮੁਸ਼ਕਲ ਕਾਰਨ ਰੁਕਾਵਟਾਂ ਆ ਰਹੀਆਂ ਹਨ।
ਬਾਦਲ ਨੇ ਕਿਹਾ ਕਿ ਪਾਣੀ ਪੰਜਾਬ ਲਈ ਉਸੇ ਤਰ੍ਹਾਂ ਕੁਦਰਤੀ ਸਰੋਤ ਹੈ ਜਿਵੇਂ ਛੱਤੀਸਗੜ੍ਹ ਲਈ ਕੋਲਾ ਤੇ ਰਾਜਸਥਾਨ ਲਈ ਸੰਗਮਰਮਰ। ਉਨ੍ਹਾਂ ਕਿਹਾ ਕਿ ਇਹ ਸਰੋਤ 1955 ਵਿੱਚ ਸਾਡੇ ਤੋਂ ਖੋਹ ਲਿਆ ਗਿਆ ਸੀ ਜਦੋਂ ਤਤਕਾਲੀ ਕਾਂਗਰਸ ਸਰਕਾਰ ਨੇ ਸਾਡਾ ਅੱਧਾ ਦਰਿਆਈ ਪਾਣੀ ਰਾਜਸਥਾਨ ਨੂੰ ਦੇ ਦਿੱਤਾ ਸੀ ਅਤੇ ਇਸ ਮਗਰੋਂ 1976 ਵਿਚ ਰਹਿੰਦੇ ਪਾਣੀ ਵਿਚੋਂ ਅੱਧਾ ਹਰਿਆਣਾ ਨੂੰ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਜਿਸ ਤਹਿਤ ਕੇਂਦਰ ਸਰਕਾਰ ਨਵੇਂ ਰਾਜਾਂ ਨੂੰ ਪਾਣੀ ਅਲਾਟ ਕਰ ਸਕਦੀ ਹੈ, ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਕੇ ਹੋਏ ਅਨਿਆਂ ਦੀ ਦਰੁੱਸਤੀ ਕਰਨ ਦੀ ਕੋਸ਼ਿਸ਼ ਕੀਤੀ। ਪਰ 1981 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ਨੂੰ ਕੇਸ ਵਾਪਸ ਲੈਣ ਅਤੇ ਸਤਲੁਜ ਯਮੁਨਾ ਲਿੰਕ ਨਹਿਰ ਬਣਾਉਣ ਲਈ ਰਾਜ਼ੀ ਕੀਤਾ ਤੇ ਫਿਰ 1982 ਵਿਚ ਇੰਦਰਾ ਗਾਂਧੀ ਨੇ ਨਹਿਰ ਦੀ ਉਸਾਰੀ ਸ਼ੁਰੂ ਕਰਵਾਈ।
ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।
ਨਸ਼ਾ ਤਸਕਰਾਂ ਤੋਂ ਮਹੀਨਾ ਲੈ ਰਹੇ ਨੇ ‘ਆਪ’ ਵਿਧਾਇਕ : ਸੁਖਬੀਰ
ਸੁਖਬੀਰ ਬਾਦਲ ਨੇ ਨਸ਼ਾ ਤਸਕਰੀ ਵਿੱਚ ਹੋਏ ਅਥਾਹ ਵਾਧੇ ਦੇ ਆਰੋਪ ਲਾਉਂਦਿਆਂ ਕਿਹਾ ਕਿ ‘ਆਪ’ ਦੇ ਵਿਧਾਇਕ ਡਰੱਗ ਮਾਫੀਆ ਤੋਂ ਮਹੀਨੇ ਲੈ ਰਹੇ ਹਨ ਜਿਸ ਕਾਰਨ ਸੂਬਾ ਪੁਲਿਸ ਨਸ਼ਾ ਮਾਫੀਆ ਦੇ ਸਰਗਨੇ ਗ੍ਰਿਫਤਾਰ ਨਹੀਂ ਕਰ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਤੇ ਪੰਜਾਬ ਦੇ ਰਾਜਪਾਲ ਵਿਚਾਲੇ ਖਿੱਚੋਤਾਣ ਦਾ ਕਾਰਨ ਵੀ ਨਸ਼ੇ ਹੀ ਹਨ। ਸੁਖਬੀਰ ਬਾਦਲ ਨੇ ਆਰੋਪ ਲਾਇਆ ਕਿ ਸੂਬੇ ਦਾ ਸਰਕਾਰੀ ਖ਼ਜ਼ਾਨਾ ਲੁਟਾਇਆ ਜਾ ਰਿਹਾ ਹੈ ਤੇ 750 ਕਰੋੜ ਰੁਪਏ ਇਸ਼ਤਿਹਾਰਬਾਜ਼ੀ ‘ਤੇ ਖਰਚ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਵਾਲੇ ਸੂਬਿਆਂ ਵਿੱਚ ਪ੍ਰਚਾਰ ਵਾਸਤੇ ਪ੍ਰਾਈਵੇਟ ਜੈੱਟ ਕਿਰਾਏ ‘ਤੇ ਲਿਆ ਹੋਇਆ ਹੈ। ਇਸ ‘ਤੇ ਸਰਕਾਰੀ ਖਜ਼ਾਨੇ ‘ਚੋਂ 120 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਅਕਾਲੀ-ਭਾਜਪਾ ਗੱਠਜੋੜ ਟੁੱਟਣ ਕਾਰਨ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਪ੍ਰਭਾਵਿਤ
ਕਿਸਾਨ ਅੰਦੋਲਨ ਵੇਲੇ ਕਿਸਾਨਾਂ ਦੇ ਹੱਕ ਵਿੱਚ ਨਿੱਤਰਿਆ ਸੀ ਸ਼੍ਰੋਮਣੀ ਅਕਾਲੀ ਦਲ
ਅੰਮ੍ਰਿਤਸਰ: ਅਕਾਲੀਭਾਜਪਾ ਗੱਠਜੋੜ ਟੁੱਟਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਅੰਤਰਰਾਜੀ ਸਿੱਖ ਮਾਮਲੇ ਹੱਲ ਕਰਵਾਉਣ ਵਿੱਚ ਕਮਜ਼ੋਰ ਪਈ ਹੈ। ਇਸਦਾ ਸਿੱਟਾ ਹੈ ਕਿ ਕਈ ਸੂਬਿਆਂ ਵਿੱਚ ਗੁਰਦੁਆਰਾ ਸਾਹਿਬਾਨਾਂ ਦੇ ਮਾਮਲੇ ਲਟਕ ਰਹੇ ਹਨ ਅਤੇ ਜੇਲ੍ਹਾਂ ਵਿੱਚੋਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਵੀ ਅਣਡਿੱਠਾ ਕਰ ਦਿੱਤਾ ਗਿਆ।
ਕਿਸਾਨ ਅੰਦੋਲਨ ਵੇਲੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ਵਿੱਚ ਨਿੱਤਰਿਆ ਸੀ ਅਤੇ ਕਿਸਾਨਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਸੀ। ਇਸਦੇ ਸਿੱਟੇ ਵਜੋਂ ਅਕਾਲੀਭਾਜਪਾ ਗੱਠਜੋੜ ਟੁੱਟ ਗਿਆ ਸੀ।
ਇਹ ਗੱਠਜੋੜ ਟੁੱਟਣ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਕੇਂਦਰ ਸਰਕਾਰ ਵਿਚਲਾ ਮਜ਼ਬੂਤ ਆਧਾਰ ਖ਼ਤਮ ਹੋ ਗਿਆ ਸੀ। ਇਸਦਾ ਅਸਰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਭਾਵ ਵਾਲੀ ਸ਼੍ਰੋਮਣੀ ਕਮੇਟੀ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਗੱਠਜੋੜ ਟੁੱਟਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਕੇਂਦਰ ਸਰਕਾਰ ਤੱਕ ਪਹੁੰਚ ਵੀ ਕਮਜ਼ੋਰ ਪਈ ਹੈ। ਸਿੱਖ ਕੈਦੀਆਂ ਦੀ ਰਿਹਾਈ, ਜਿਨ੍ਹਾਂ ਬਾਰੇ ਕੇਂਦਰ ਸਰਕਾਰ ਵੱਲੋਂ ਐਲਾਨ ਵੀ ਕੀਤਾ ਜਾ ਚੁੱਕਿਆ ਸੀ, ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਕਈ ਵਾਰ ਸਮਾਂ ਮੰਗਿਆ ਗਿਆ ਪਰ ਇਸ ਸਬੰਧੀ ਪੱਤਰਾਂ ਦਾ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਦਸਤਖ਼ਤੀ ਮੁਹਿੰਮ ਵੀ ਚਲਾਈ ਗਈ ਸੀ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਪੰਜਾਬ ਸਣੇ ਦੇਸ਼ ਭਰ ਅਤੇ ਵਿਦੇਸ਼ਾਂ ਵਿੱਚੋਂ ਵੀ ਸਿੱਖਾਂ ਦੇ ਦਸਤਖ਼ਤ ਕਰਵਾਏ ਗਏ। ਇਸ ਮੰਗ ਸਬੰਧੀ ਪ੍ਰੋਫਾਰਮੇ ਰਾਜਪਾਲ ਰਾਹੀਂ ਕੇਂਦਰ ਸਰਕਾਰ ਨੂੰ ਭੇਜੇ ਗਏ ਪਰ ਇਹ ਮਾਮਲਾ ਜਿਵੇਂ ਦਾ ਤਿਵੇਂ ਹੈ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਗਿਆਨ ਗੋਦੜੀ ਹਰਿਦੁਆਰ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤਪ ਅਸਥਾਨ ਮੇਚੁਕਾ, ਅਰੁਣਾਚਲ ਪ੍ਰਦੇਸ਼ ਅਤੇ ਗੁਰਦੁਆਰਾ ਸਾਹਿਬ ਡਾਂਗਮਾਰ ਦਾ ਮਾਮਲਾ ਜਿਵੇਂ ਦਾ ਤਿਵੇਂ ਲਟਕ ਰਿਹਾ ਹੈ।
ਹਰਿਆਣਾ ਵਿੱਚ ਭਾਜਪਾ ਸਰਕਾਰ ਦੇ ਹੁੰਦਿਆਂ ਉੱਥੇ ਵੱਖਰੀ ਸਿੱਖ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ। ਹੁਣ ਜਦੋਂ ਅਕਾਲੀਭਾਜਪਾ ਗੱਠਜੋੜ ਟੁੱਟਿਆ ਤਾਂ ਹਰਿਆਣਾ ਸਰਕਾਰ ਨੇ ਹੀ ਮਸਲੇ ਨੂੰ ਤੂਲ ਦੇ ਕੇ ਵੱਖਰੀ ਗੁਰਦੁਆਰਾ ਕਮੇਟੀ ਸਥਾਪਿਤ ਕਰ ਦਿੱਤੀ ਹੈ।
ਗੱਠਜੋੜ ਵੇਲੇ ਮਸਲੇ ਧਿਆਨ ਨਾਲ ਸੁਣਦਾ ਸੀ ਕੇਂਦਰ : ਗਰੇਵਾਲ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਦੋਂ ਅਕਾਲੀ ਭਾਜਪਾ ਗੱਠਜੋੜ ਕਾਇਮ ਸੀ ਤਾਂ ਉਸ ਵੇਲੇ ਅਜਿਹੇ ਅੰਤਰਰਾਜੀ ਸਿੱਖ ਮਾਮਲੇ ਕੇਂਦਰ ਸਰਕਾਰ ਵੱਲੋਂ ਧਿਆਨ ਨਾਲ ਸੁਣੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਵੀ ਯਤਨ ਹੁੰਦੇ ਸਨ ਪਰ ਹੁਣ ਅਜਿਹਾ ਨਹੀਂ ਹੈ। ਕੇਂਦਰ ਨੂੰ ਲੱਗਦਾ ਹੈ ਕਿ ਅਜਿਹੇ ਮਾਮਲੇ ਹੱਲ ਕਰਵਾਉਣ ਮਗਰੋਂ ਇਸਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਦੇ ਸਿਰ ਬੱਝੇਗਾ ਜਿਸ ਕਾਰਨ ਸਿੱਖ ਮਾਮਲਿਆਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।

 

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …