ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਮਿਲੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਗਿ੍ਰਫ਼ਤਾਰ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੋਨੀ ਨੂੰ ਅਦਾਲਤ ਨੇ ਗਿ੍ਰਫਤਾਰੀ ਦੇ ਲਗਭਗ 3 ਮਹੀਨਿਆਂ ਮਗਰੋਂ ਜ਼ਮਾਨਤ ਦਿੱਤੀ ਹੈ। ਲਗਾਤਾਰ ਦੋ ਦਿਨ ਚੱਲੀ ਬਹਿਸ ਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ ਅੱਜ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਅਤੇ ਇਹ ਰਾਹਤ ਉਨ੍ਹਾਂ ਨੂੰ ਮੈਡੀਕਲ ਸਟੇਟਸ ਰਿਪੋਰਟ ਦੇ ਆਧਾਰ ’ਤੇ ਦਿੱਤੀ ਗਈ ਹੈ। ਅੰਮਿ੍ਰਤਸਰ ਦੀ ਅਦਾਲਤ ਵਿਚ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਓਪੀ ਸੋਨੀ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ। ਦੋ ਦਿਨਾਂ ਦੀ ਬਹਿਸ ਮਗਰੋਂ ਕੋਰਟ ਨੇ ਮਾਮਲੇ ਨੂੰ ਅੱਜ ਦੇ ਲਈ ਮੁਲਤਵੀ ਕਰ ਦਿੱਤਾ ਸੀ । ਅੱਜ ਸੋਨੀ ਮੁੜ ਕੋਰਟ ਵਿਚ ਪੇਸ਼ ਹੋਏ ਅਤੇ ਦੋਵੇਂ ਧਿਰਾਂ ਦਰਮਿਆਨ ਚੰਗੀ ਬਹਿਸ ਹੋਈ। ਕੋਰਟ ਨੇ ਦੋਵਾਂ ਧਿਰਾਂ ਦੇ ਪੱਖ ਸੁਣਨ ਤੋਂ ਬਾਅਦ ਓਪੀ ਸੋਨੀ ਨੂੰ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਓਪੀ ਸੋਨੀ ਖਿਲਾਫ਼ 9 ਜੁਲਾਈ ਨੂੰ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਉਧਰ ਪਲਾਟ ਖਰੀਦ ਮਾਮਲੇ ਵਿਚ ਫਰਾਰ ਚੱਲ ਰਹੇ ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ’ਤੇ ਵੀ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 16 ਅਕਤੂਬਰ ਨੂੰ ਕੀਤੀ ਜਾਵੇਗੀ।