‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਦੀ ਛਾਪੇਮਾਰੀ : 13 ਘੰਟੇ ਲਗਾਤਾਰ ਹੋਈ ਜਾਂਚ November 1, 2023 ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਦੀ ਛਾਪੇਮਾਰੀ : 13 ਘੰਟੇ ਲਗਾਤਾਰ ਹੋਈ ਜਾਂਚ ਈਡੀ ਨੇ ਰੀਅਲ ਅਸਟੇਟ ਨਾਲ ਸਬੰਧਤ ਕਈ ਦਸਤਾਵੇਜ਼ ਆਪਣੇ ਕਬਜ਼ੇ ’ਚ ਲਏ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਲੰਘੇ ਕੱਲ੍ਹ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪੇਮਾਰੀ ਕੀਤੀ, ਜੋ ਦੇਰ ਰਾਤ ਤੱਕ ਚੱਲਦੀ ਰਹੀ। ਇਸ ਛਾਪੇਮਾਰੀ ਦੌਰਾਨ ਕੁਲਵੰਤ ਸਿੰਘ ਦੇ ਮੁਹਾਲੀ, ਅੰਮਿ੍ਰਤਸਰ, ਲੁਧਿਆਣਾ ਅਤੇ ਰਾਜਸਥਾਨ ਦੇ ਗੰਗਾਨਗਰ ਵਿਚ ਟਿਕਾਣਿਆਂ ਦੀ ਜਾਂਚ ਕੀਤੀ ਗਈ। ਈਡੀ ਨੇ ਅੰਮਿ੍ਰਤਸਰ ਤੋਂ 75 ਲੱਖ ਰੁਪਏ ਜ਼ਬਤ ਵੀ ਕੀਤੇ ਹਨ। ਜਦੋਂ ਕਿ ਮੁਹਾਲੀ ਸਥਿਤ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਵਿਚੋਂ ਉਨ੍ਹਾਂ ਦੇ ਰੀਅਲ ਅਸਟੇਟ ਨਾਲ ਸਬੰਧਤ ਦਸਤਾਵੇਜ਼ ਵੀ ਈਡੀ ਨੇ ਆਪਣੇ ਕਬਜ਼ੇ ਵਿਚ ਲੈ ਲਏ ਹਨ। ਈਡੀ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਵੀ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਈਡੀ ਦੇ ਅਧਿਕਾਰੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ ਹਨ। ਵਿਧਾਇਕ ਨੇ ਕਿਹਾ ਕਿ ਪ੍ਰਾਪਰਟੀ ਸਬੰਧੀ ਜੋ ਵੀ ਦਸਤਾਵੇਜ਼ ਈਡੀ ਨੇ ਲਏ ਹਨ, ਉਹ ਸਾਰੇ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਨੂੰ ਦਿੱਤੇ ਗਏ ਹਲਫਨਾਮੇ ਵਿਚ ਦਰਜ ਹਨ। ਕੁਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਈਡੀ ਅਧਿਕਾਰੀਆਂ ਨੂੰ ਪੁੱਛਿਆ ਸੀ ਇਹ ਜਾਂਚ ਕਿਸ ਲਈ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਅਧਿਕਾਰੀਆਂ ਨੇ ਕਿਹਾ ਸੀ ਕਿ ਇਹ ਰੂੁਟੀਨ ਦੀ ਜਾਂਚ ਹੈ ਅਤੇ ਤੁਹਾਡੀ ਜਾਇਦਾਦ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਚਰਚਾ ਚੱਲ ਰਹੀ ਸੀ ਕਿ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ’ਚ ਈਡੀ ਦੀ ਛਾਪੇਮਾਰੀ ਹੋਈ ਹੈ। 2023-11-01 Parvasi Chandigarh Share Facebook Twitter Google + Stumbleupon LinkedIn Pinterest