Breaking News
Home / ਹਫ਼ਤਾਵਾਰੀ ਫੇਰੀ / ਪਰਾਲੀ ਨੂੰ ਲਾਈ ਅੱਗ ਨਾਲ ਧੂੰਆਂ-ਧੂੰਆਂ ਹੋਇਆ ਪੰਜਾਬ

ਪਰਾਲੀ ਨੂੰ ਲਾਈ ਅੱਗ ਨਾਲ ਧੂੰਆਂ-ਧੂੰਆਂ ਹੋਇਆ ਪੰਜਾਬ

ਹਸਪਤਾਲਾਂ ਵਿੱਚ ਐਲਰਜੀ ਦੇ ਮਰੀਜ਼ਾਂ ਦੀ ਗਿਣਤੀ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼ : ਇਨ੍ਹੀ ਦਿਨੀਂ ਹਵਾ ਪ੍ਰਦੂਸ਼ਣ ਨੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ ਭਰ ਵਿਚੋਂ ਬਠਿੰਡਾ ਸ਼ਹਿਰ ਵਿੱਚ ਸਭ ਤੋਂ ਵੱਧ ਹਵਾ ਪ੍ਰਦੂਸ਼ਣ ਦਰਜ ਕੀਤਾ ਗਿਆ। ਹਵਾ ਦੀ ਗੁਣਵੱਤਾ ਵਿੱਚ ਨਿਘਾਰ ਕਾਰਨ ਲੋਕਾਂ ਨੂੰ ਸਾਹ ਲੈਣ ਅਤੇ ਅੱਖਾਂ ਵਿਚ ਜਲਣ ਦੀ ਸਮੱਸਿਆ ਆ ਰਹੀ ਹੈ। ਹਸਪਤਾਲਾਂ ਵਿੱਚ ਐਲਰਜੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
ਹਵਾ ਪ੍ਰਦੂਸ਼ਣ ਦੀ ਚਰਚਾ ਅਕਸਰ ਝੋਨੇ ਦੀ ਕਟਾਈ ਸਮੇਂ ਚੱਲਦੀ ਹੈ। ਜਾਣਕਾਰੀ ਅਨੁਸਾਰ ਇਸ ਵਾਰ ਕਾਸ਼ਤਕਾਰਾਂ ਨੇ ਝੋਨੇ ਦੀਆਂ ਅਗੇਤੀਆਂ ਕਿਸਮਾਂ ਦੀ ਬੀਜਾਂਦ ਘੱਟ ਕੀਤੀ ਸੀ। ਇਸ ਲਈ ਹੁਣ ਤੱਕ ਕਰੀਬ 50 ਕੁ ਫ਼ੀਸਦ ਝੋਨੇ ਦੀ ਹੀ ਕਟਾਈ ਹੋਈ ਹੈ। ਪਿਛਲੇ ਕੁਝ ਸਾਲਾਂ ਦੌਰਾਨ ਕਿਸਾਨ ਪਰਾਲੀ ਦੀ ਸੁਚੱਜੀ ਵਰਤੋਂ ਪ੍ਰਤੀ ਵੀ ਜਾਗਰੂਕ ਹੋਏ ਹਨ। ਇਨ੍ਹੀਂ ਦਿਨੀਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵੀ ਅਤੀਤ ਦੇ ਮੁਕਾਬਲੇ ਕਾਫੀ ਘੱਟ ਵੇਖਣ ਨੂੰ ਮਿਲ ਰਹੀਆਂ ਹਨ। ਦੇਖਣ ‘ਚ ਆਇਆ ਕਿ ਵੱਧ ਜ਼ਮੀਨਾਂ ਦੇ ਮਾਲਕ ਕਾਸ਼ਤਕਾਰ ਪਰਾਲੀ ਦਾ ਮੁੱਲ ਵੱਟਣ ਨੂੰ ਤਰਜੀਹ ਦੇ ਰਹੇ ਹਨ ਜਦਕਿ ਘੱਟ ਭੌਂਇ ਵਾਲੇ ਕਿਸਾਨ ਪਰਾਲੀ ਨੂੰ ਅੱਗ ਲਾਉਣਾ ਆਪਣੀ ਮਜਬੂਰੀ ਬਿਆਨਦੇ ਹਨ। ਉਂਜ ਪ੍ਰਦੂਸ਼ਿਤ ਹਵਾ ਕਾਰਨ ਸਾਹ, ਦਮੇ ਦੇ ਮਰੀਜ਼ਾਂ ਨੂੰ ਕਾਫੀ ਔਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰੀ ਪੇਸ਼ੇ ਨਾਲ ਜੁੜੇ ਵਿਅਕਤੀਆਂ ਦਾ ਕਹਿਣਾ ਹੈ ਕਿ ਹਵਾ ‘ਚ ਰਲੇ ਧੂੜ, ਧੂੰਏਂ ਅਤੇ ਮਿੱਟੀ ਦੇ ਕਣਾਂ ਤੋਂ ਐਲਰਜੀ ਦਾ ਸ਼ਿਕਾਰ ਹੋਣ ਵਾਲੇ ਮਰੀਜ਼ ਹਸਪਤਾਲਾਂ ਵਿੱਚ ਲਗਾਤਾਰ ਆ ਰਹੇ ਹਨ। ਪੰਜਾਬ ਵਿੱਚ ਰੋਜ਼ਾਨਾ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ ਜਦਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਦੇ ਵਕਫੇ ਦੌਰਾਨ ਐਤਕੀ ਪਰਾਲੀ ਘੱਟ ਸਾੜੀ ਜਾ ਰਹੀ ਹੈ।
ਦਿੱਲੀ ਦੇ ਕਈ ਹਿੱਸਿਆਂ ‘ਚ ਹਵਾ ਪ੍ਰਦੂਸ਼ਣ ਗੰਭੀਰ
ਦਿੱਲੀ ਦੇ ਕਈ ਹਿੱਸਿਆਂ ‘ਚ ਹਵਾ ਬਹੁਤ ਪ੍ਰਦੂਸ਼ਿਤ ਹੋ ਕੇ ‘ਗੰਭੀਰ’ ਸ਼੍ਰੇਣੀ ਵਿਚ ਪਹੁੰਚ ਗਈ ਹੈ। ਸ਼ਹਿਰ ‘ਚ ਲਗਾਤਾਰ ਤੀਜੇ ਦਿਨ ਵੀ ਧੂੰਆਂ ਛਾਇਆ ਰਿਹਾ। ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਦੋ ਹਫ਼ਤਿਆਂ ਦੌਰਾਨ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਪ੍ਰਦੂਸ਼ਣ ਦਾ ਪੱਧਰ ਵਧੇਗਾ। ਇਹ ਚਿੰਤਾਜਨਕ ਹੈ ਕਿਉਂਕਿ ਕਈ ਖੇਤਰਾਂ ‘ਚ ਹਵਾ ਗੁਣਵੱਤਾ ਸੂਚਕ ਅੰਕ ਪਹਿਲਾਂ ਹੀ 400 ਤੋਂ ਵੱਧ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਬੱਚਿਆਂ , ਬਜ਼ੁਰਗਾਂ ‘ਚ ਦਮੇ ਤੇ ਫੇਫੜਿਆਂ ਨਾਲ ਸਬੰਧਤ ਸਮੱਸਿਆਵਾਂ ਵਧ ਸਕਦੀਆਂ ਹਨ।

 

Check Also

ਮਾਰਕ ਕਾਰਨੀ ਬਣੇ ਕੈਨੇਡਾ ਦੇ ਪ੍ਰਧਾਨ ਮੰਤਰੀ, ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਭਾਰਤੀ ਮੂਲ ਦੀ ਅਨੀਤਾ ਅਨੰਦ ਵਿਦੇਸ਼ ਮੰਤਰੀ, ਮਨਿੰਦਰ ਸਿੱਧੂ ਵਪਾਰ ਮੰਤਰੀ, ਰਣਦੀਪ ਸਿੰਘ ਸਰਾਏ ਤੇ …