ਗ੍ਰਿਫ਼ਤਾਰੀ ਦੀ ਲਟਕੀ ਤਲਵਾਰ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਧਿਆਨ ਰਹੇ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਪੁੱਛਗਿੱਛ ਕਰਨ ਲਈ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕੀਤਾ ਸੀ। ਮੀਡੀਆ ਰਿਪੋਰਟਾਂ ਅਤੇ ਆਮ ਆਦਮੀ ਪਾਰਟੀ ਦੇ ਸੂਤਰਾਂ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਸਿੰਗਰੌਲੀ ‘ਚ ਇਕ ਰੈਲੀ ਨੂੰ ਸੰਬੋਧਨ ਕੀਤਾ ਪ੍ਰੰਤੂ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਈਡੀ ਨੇ 30 ਅਕਤੂਬਰ ਨੂੰ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ ਅਤੇ ਇਨ੍ਹਾਂ ਸੰਮਨਾਂ ਨੂੰ ਅਰਵਿੰਦ ਕੇਜਰੀਵਾਲ ਨੇ ਗੈਰਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਕੇਜਰੀਵਾਲ ਨੇ ਕਿਹਾ ਕਿ ਇਹ ਸੰਮਨ ਭਾਜਪਾ ਦੇ ਕਹਿਣ ‘ਤੇ ਭੇਜਿਆ ਗਿਆ ਹੈ ਤਾਂ ਜੋ ਮੈਨੂੰ ਚਾਰ ਰਾਜਾਂ ਵਿਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਈਡੀ ਨੂੰ ਇਹ ਸੰਮਨ ਵਾਪਸ ਲੈਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਤੋਂ ਸੀਬੀਆਈ ਨੇ ਅਪ੍ਰੈਲ ‘ਚ ਲਗਭਗ 9 ਘੰਟੇ ਪੁੱਛਗਿੱਛ ਕੀਤੀ ਸੀ। ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਜੇਲ੍ਹ ‘ਚ ਹਨ।