Breaking News
Home / ਪੰਜਾਬ / ਸੰਗਰੂਰ ‘ਚ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਝੜਪ

ਸੰਗਰੂਰ ‘ਚ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਝੜਪ

ਕਈਆਂ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥੀਆਂ ਤੇ ਕਈ ਜ਼ਖ਼ਮੀ, ਪੁਲਿਸ ‘ਤੇ ਲਾਠੀਚਾਰਜ ਕਰਨ ਦਾ ਆਰੋਪ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਭਰ ਤੋਂ ਵੱਡੀ ਤਾਦਾਦ ‘ਚ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੁੱਜੇ ਕੰਪਿਊਟਰ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਜਿਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ, ਕੱਪੜੇ ਫ਼ਟ ਗਏ ਅਤੇ ਮਾਮੂਲੀ ਸੱਟਾਂ ਵੀ ਲੱਗੀਆਂ। ਇਸ ਮੌਕੇ ਪੁਲਿਸ ਦੇ ਬੈਰੀਕੇਡ ਪ੍ਰਦਰਸ਼ਨਕਾਰੀਆਂ ਨੇ ਪੁੱਟ ਦਿੱਤੇ ਅਤੇ ਉਹ ਪੁਲਿਸ ਨਾਕਾ ਟੱਪ ਕੇ ਅੱਗੇ ਵਧੇ ਪਰ ਦੂਜੇ ਨਾਕੇ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਸਰਕਾਰ ਨਾਲ ਮੀਟਿੰਗ ਤੈਅ ਕਰਾਉਣ ਲਈ ਕਾਫ਼ੀ ਸਮਾਂ ਪੁਲਿਸ ਅਧਿਕਾਰੀਆਂ ਅਤੇ ਯੂਨੀਅਨ ਆਗੂਆਂ ਦਰਮਿਆਨ ਗੱਲਬਾਤ ਚਲਦੀ ਰਹੀ ਪਰ ਗੱਲ ਕਿਸੇ ਤਣ ਪੱਤਣ ਨਾ ਲੱਗਣ ਕਾਰਨ ਮਾਹੌਲ ਮੁੜ ਤਣਾਅਪੂਰਨ ਬਣ ਗਿਆ ਅਤੇ ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਤੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕ ਕੌਮੀ ਹਾਈਵੇਅ ਦੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ ਨੇੜੇ ਇਕੱਠੇ ਹੋਏ ਜਿੱਥੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਰੋਸ ਮਾਰਚ ਕਰਦਿਆਂ ਜਿਉਂ ਹੀ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਨੇੜੇ ਪੁੱਜੇ ਤਾਂ ਪੁਲਿਸ ਨੇ ਨਾਕੇਬੰਦੀ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਬੈਰੀਕੇਡ ਪੁੱਟ ਦਿੱਤੇ ਪਰ ਅਗਲੀ ਨਾਕੇਬੰਦੀ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਨੇ ਆਰੋਪ ਲਾਇਆ ਕਿ ਪੁਲਿਸ ਵਲੋਂ ਕੰਪਿਊਟਰ ਅਧਿਆਪਕਾਂ ਉਪਰ ਲਾਠੀਚਾਰਜ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਤੋਂ ਇਲਾਵਾ ਕਈ ਹੋਰਾਂ ਦੇ ਵੀ ਸੱਟਾਂ ਲੱਗੀਆਂ ਹਨ। ਕਈਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਕੱਪੜੇ ਤੱਕ ਫ਼ਟ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਦੇ ਜ਼ੋਰ ਨਾਲ ਕੰਪਿਊਟਰ ਅਧਿਆਪਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਜਦੋਂਕਿ ਉਹ ਆਪਣਾ ਹੱਕ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ 6ਵਾਂ ਤਨਖਾਹ ਕਮਿਸ਼ਨ ਮਿਲ ਚੁੱਕਿਆ ਹੈ ਪਰ ਕੰਪਿਊਟਰ ਅਧਿਆਪਕਾਂ ਨੂੰ ਜਾਣਬੁੱਝ ਕੇ ਵਾਂਝਾ ਰੱਖਿਆ ਗਿਆ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 22 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਨਾ 6ਵਾਂ ਤਨਖਾਹ ਕਮਿਸ਼ਨ ਮਿਲਿਆ ਹੈ ਤੇ ਨਾ ਹੋਰ ਮੰਗਾਂ ਮੰਨੀਆਂ ਗਈਆਂ ਹਨ। ਹੁਣ ਤੱਕ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਦੇ ਆਸ਼ਰਿਤਾਂ ਨੂੰ ਨਾ ਨੌਕਰੀ ਤੇ ਨਾ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ 16 ਨਵੰਬਰ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਪ੍ਰਦਰਸ਼ਨ ਖਤਮ ਹੋਇਆ।

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …