Breaking News
Home / ਪੰਜਾਬ / ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਸੁੰਦਰ ਜਲੌਅ ਸਜਾਏ ਗਏ; ਦੀਪਮਾਲਾ ਤੇ ਫੁੱਲਾਂ ਦੀ ਕੀਤੀ ਵਿਸ਼ੇਸ਼ ਸਜਾਵਟ
ਅੰਮ੍ਰਤਿਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਨੂੰ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਸੁੰਦਰ ਜਲੌਅ ਸਜਾਏ ਗਏ ਅਤੇ ਫੁੱਲਾਂ ਦੀ ਸਜਾਵਟ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਸਮੂਹ ਸਣੇ ਸ਼ਹਿਰ ਵਿੱਚ ਸਰਕਾਰੀ ਇਮਾਰਤਾਂ ‘ਤੇ ਦੀਪਮਾਲਾ ਵੀ ਕੀਤੀ ਗਈ ਹੈ ਅਤੇ ਰਾਤ ਨੂੰ ਗੁਰੂ ਘਰ ਵਿੱਚ ਆਤਿਸ਼ਬਾਜ਼ੀ ਹੋਈ।
ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ ਮਗਰੋਂ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਸ੍ਰੀ ਦਰਬਾਰ ਸਾਹਿਬ ਨੂੰ ਆਉਣ ਜਾਣ ਵਾਲੇ ਰਸਤਿਆਂ ‘ਤੇ ਸਾਰਾ ਦਿਨ ਭੀੜ ਲੱਗੀ ਰਹੀ। ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵੱਲੋਂ ਲੰਗਰ ਵੀ ਲਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮਗਰੋਂ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਮਨੁੱਖਤਾ ਨੂੰ ਜੀਵਨ ਸੇਧਾਂ ਦੇਣ ਵਾਲੇ ਹਨ ਅਤੇ ਅੱਜ ਹਰ ਸਿੱਖ ਦਾ ਫ਼ਰਜ਼ ਹੈ ਕਿ ਗੁਰੂ ਆਸ਼ੇ ਮੁਤਾਬਿਕ ਜੀਵਨ ਜੀਵੇ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ।
31 ਰਾਗਾਂ ‘ਤੇ ਆਧਾਰਿਤ ਪ੍ਰੋਗਰਾਮ ਦਾ ਪੋਸਟਰ ਜਾਰੀ
ਸ਼੍ਰੋਮਣੀ ਕਮੇਟੀ ਵੱਲੋਂ 31 ਰਾਗਾਂ ‘ਤੇ ਆਧਾਰਿਤ ‘ਰਾਗ ਨਾਦ ਸੰਬਾਦ’ ਪ੍ਰੋਗਰਾਮ ਦਾ ਪੋਸਟਰ ਪ੍ਰਧਾਨ ਐਡਵੋਕੇਟ ਧਾਮੀ ਤੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ 31 ਰਾਗਾਂ ਵਿੱਚ ਹੈ। ਰਾਗੀ ਜਥਿਆਂ ਵੱਲੋਂ ਇਨ੍ਹਾਂ 31 ਰਾਗਾਂ ਵਿਚ ਗੁਰਬਾਣੀ ਦਾ ਗਾਇਨ ਕੀਤਾ ਜਾਵੇਗਾ ਤਾਂ ਜੋ ਸੰਗਤ ਨੂੰ ਇਨ੍ਹਾਂ ਰਾਗਾਂ ਦੀ ਜਾਣਕਾਰੀ ਮਿਲੇ। ਇਸ ਦੇ ਅਗਲੇ ਪੜਾਅ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਆਈਆਂ ਹੋਰ ਗਾਇਨ ਸ਼ੈਲੀਆਂ ਨੂੰ ਵੀ ਇਸ ਦਾ ਹਿੱਸਾ ਬਣਾਇਆ ਜਾਵੇਗਾ। ਭਾਈ ਪਿੰਦਰਪਾਲ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਸਾਹਿਬ ਨੇ ਗੁਰਬਾਣੀ ਨੂੰ ਗਾਇਨ ਕਰਨ ਦੀਆਂ ਸ਼ੈਲੀਆਂ ਬਾਰੇ ਬੇਸ਼ਕੀਮਤੀ ਸੰਕੇਤ ਦਰਜ ਕੀਤੇ ਹਨ। ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਸੰਗਤਾਂ ਲਈ ਲਾਹੇਵੰਦ ਸਾਬਤ ਹੋਵੇਗਾ।

Check Also

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ …