ਐਡਵੋਕੇਟ ਧਾਮੀ ਵੱਲੋਂ ਜੱਜ ਸਾਹਿਬਾਨਾਂ ਨੂੰ ਕੀਤਾ ਗਿਆ ਸਨਮਾਨਿਤ
ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਾਨਯੋਗ ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜੱਜ ਸਾਹਿਬਾਨ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਨਤਮਸਤਕ ਹੋਣ ਪੁੱਜੇ ਜੱਜ ਸਾਹਿਬਾਨ ਵਿਚ ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ, ਪੰਜਾਬ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ, ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜਸਟਿਸ ਅਰੁਣ ਪੱਲੀ, ਜਸਟਿਸ ਅਮਨ ਚੌਧਰੀ, ਜਸਟਿਸ ਹਰਪ੍ਰੀਤ ਕੌਰ, ਜਸਟਿਸ ਹਰਮਨ ਸਿੰਘ ਸੇਠੀ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸੰਤੋਸ਼ ਸਨੇਹੀ ਮਾਨ ਸ਼ਾਮਿਲ ਸਨ। ਨਤਮਸਤਕ ਹੋਣ ਉਪਰੰਤ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਤੂ ਬਾਹਰੀ ਨੇ ਯਾਤਰੂ ਬੁੱਕ ਵਿਚ ਲਿਖਿਆ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਤੋਂ ਅਸ਼ੀਰਵਾਦ ਪ੍ਰਾਪਤ ਕਰਕੇ ਖ਼ੁਸ਼ੀ ਪ੍ਰਾਪਤ ਹੋਈ ਹੈ।