ਪੰਜਾਬ ਦੇ ਵਪਾਰੀਆਂ ਲਈ ਵਨ ਟਾਈਮ ਸੈਂਟਲਮੈਂਟ ਸਕੀਮ ਲਾਗੂ
ਪੰਜਾਬ ਦੇ ਵਪਾਰੀਆਂ ਲਈ ਵਨ ਟਾਈਮ ਸੈਂਟਲਮੈਂਟ ਸਕੀਮ ਲਾਗੂ
60 ਹਜ਼ਾਰ ਤੋਂ ਵੱਧ ਕਾਰੋਬਾਰੀਆਂ ਨੂੰ ਹੋਵੇਗਾ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਪਾਰੀਆਂ ਨੂੰ ਭਗਵੰਤ ਮਾਨ ਸਰਕਾਰ ਨੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਸਕੀਮ ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨਾਲ 60 ਹਜ਼ਾਰ ਤੋਂ ਜ਼ਿਆਦਾ ਕਾਰੋਬਾਰੀਆਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ‘ਰਿਕਵਰੀ ਆਫ ਆਊਟਸਟੈਡਿੰਗ ਡਿਊਜ਼ ਸਕੀਮ-2023’ ਨੂੰ ਲਾਗੂ ਕੀਤਾ ਗਿਆ ਹੈ ਜਿਸ ਨਾਲ ਕਾਨੂੰਨੀ ਮਾਮਲਿਆਂ ਦਾ ਬੋਝ ਘੱਟ ਹੋਵੇਗਾ। ਓ.ਟੀ.ਐਸ. ਸਕੀਮ 15 ਨਵੰਬਰ, 2023 ਤੋਂ ਲਾਗੂ ਹੋਵੇਗੀ ਅਤੇ 15 ਮਾਰਚ, 2024 ਤੱਕ ਲਾਗੂ ਰਹੇਗੀ। ਉਹ ਟੈਕਸਦਾਤਾ ਜਿਨ੍ਹਾਂ ਦਾ ਟੈਕਸ, ਜੁਰਮਾਨਾ ਅਤੇ ਮਿਤੀ 31 ਮਾਰਚ, 2023 ਤੱਕ ਵਿਆਜ ਇਕ ਕਰੋੜ ਰੁਪਏ ਤੱਕ ਦਾ ਹੈ, ਉਹ ਇਸ ਸਕੀਮ ਅਧੀਨ ਨਿਪਟਾਰਾ ਕਰਨ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਓ.ਟੀ.ਐਸ. ਇਕ ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ਵਿੱਚ ਪੂਰੀ ਛੋਟ ਪ੍ਰਦਾਨ ਕਰੇਗੀ।