ਵਿਰੋਧੀ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਨਾਲ ਹਰਾਇਆ
ਅੰਮਿ੍ਰਤਸਰ/ਬਿਊਰੋ ਨਿਊਜ਼ : ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਅੱਜ ਚੋਣ ਹੋਈ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਪ੍ਰਧਾਨ ਚੁਣ ਲਿਆ ਗਿਆ ਹੈ। ਐਡਵੋਕੇਟ ਧਾਮੀ ਦਾ ਨਾਮ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪੇਸ਼ ਕੀਤਾ ਗਿਆ ਜਦਕਿ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਮ ਅਮਰੀਕ ਸਿੰਘ ਨੇ ਪੇਸ਼ ਕੀਤਾ। ਇਸ ਤੋਂ ਬਾਅਦ ਹੋਈ ਵੋਟਿੰਗ ਦੌਰਾਨ ਐਡਵੋਕੇਟ ਧਾਮੀ ਨੇ ਆਪਣੇ ਵਿਰੋਧੀ ਅਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਸ਼ੋ੍ਰਮਣੀ ਕਮੇਟੀ ਦੇ 151 ਮੈਂਬਰਾਂ ਵਿਚੋਂ 135 ਮੈਂਬਰਾਂ ਵੱਲੋਂ ਵੋਟਾਂ ਪਾਈਆਂ ਗਈਆਂ ਜਿਨ੍ਹਾਂ ਵਿਚੋਂ ਐਡਵੋਕੇਟ ਧਾਮੀ ਨੂੰ 118 ਵੋਟਾਂ ਪਈਆਂ ਜਦਕਿ ਸੰਤ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਹੀ ਪਈਆਂ। ਐਡਵੋਕੇਟ ਧਾਮੀ ਨੂੰ ਪ੍ਰਧਾਨ ਚੁਣਨ ਦੇ ਨਾਲ-ਨਾਲ ਹਰਭਜਨ ਸਿੰਘ ਮਸਾਣਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਅੰਤਿ੍ਰਗ ਕਮੇਟੀ ਦੇ ਮੈਂਬਰਾਂ ਦੀ ਵੀ ਚੋਣ ਕੀਤੀ ਗਈ। ਧਿਆਨ ਰਹੇ ਕਿ ਲੰਘੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ। ਐਡਵੋਕੇਟ ਧਾਮੀ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਸੰਤ ਬਲਬੀਰ ਸਿੰਘ ਘੁੰਨਸ ਨੂੰ ਪ੍ਰਧਾਨਗੀ ਅਹੁਦੇ ਲਈ ਉਮੀਦਵਾਰ ਐਲਾਨਿਆ ਸੀ।