ਐਮਐਸਪੀ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾ ਵੜਿੰਗ ’ਤੇ ਕੀਤਾ ਪਲਟਵਾਰ
ਕਿਹਾ : ਪੰਜਾਬੀਆਂ ਨੂੰ ਗੁੰਮਰਾਹ ਨਾ ਕਰਨ ਰਾਜਾ ਵੜਿੰਗ
ਚੰਡੀਗੜ੍ਹ/ਬਿਊਰੋ ਨਿਊਜ਼ :
![](https://parvasinewspaper.com/wp-content/uploads/2023/11/Bhagwant-Mann-Raja-Waring.jpg)
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੇ ਗਏ ਟਵੀਟ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ‘ਐਕਸ’ ਇਕ ਪੋਸਟ ਸਾਂਝੀ ਕਰਦਿਆਂ ਰਾਜਾ ਵੜਿੰਗ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਚ ਕਿਸਾਨਾਂ ਨੂੰ ਝੋਨੇ ਵਾਂਗ ਹੋਰਨਾਂ ਫਸਲਾਂ ’ਤੇ ਵੀ ਐਮਐਸਪੀ ਦੇਣ ਦੀ ਮੰਗ ਕੀਤੀ ਗਈ ਹੈ ਨਾ ਕਿ ਝੋਨੇ ’ਤੇ ਮਿਲਣ ਵਾਲੀ ਐਮਐਸਪੀ ਨੂੰ ਖਤਮ ਕਰਨ ਦੀ। ਉਨ੍ਹਾਂ ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਪਾਈ ਗਈ ਪਟੀਸ਼ਨ ਦੀ ਤਸਵੀਰ ਵੀ ਸਾਂਝੀ, ਜਿਸ ’ਚ ਲਿਖਿਆ ਗਿਆ ਹੈ ਕਿ ਪਿਛਲੇ 40 ਸਾਲਾਂ ਤੋਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫਸਲ ’ਤੇ ਐਮਐਸਪੀ ਦਿੱਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਕਿਸਾਨਾਂ ਨੂੰ ਝੋਨੇ ਦੀ ਫਸਲ ਤੋਂ ਕਾਫ਼ੀ ਫਾਇਦਾ ਹੁੰਦਾ ਹੈ। ਕਿਸਾਨਾਂ ਨੂੰ ਝੋਨੇ ਤੋਂ ਇਲਾਵਾ ਹੋਰ ਫਸਲਾਂ ਬੀਜਣ ਲਈ ਉਤਸ਼ਾਹਿਤ ਕਰਨ ਲਈ ਬਾਕੀ ਫਸਲਾਂ ’ਤੇ ਵੀ ਐਮਐਸਪੀ ਨੂੰ ਯਕੀਨੀ ਬਣਾਉਣਾ ਪਵੇਗਾ ਤਾਂ ਜੋ ਕਿਸਾਨ ਬੇਝਿਜਕ ਝੋਨੇ ਦੀ ਥਾਂ ਹੋਰ ਫਸਲਾਂ ਬੀਜ ਕੇ ਮੁਨਾਫਾ ਕਮਾ ਸਕਣ। ਇਸ ਤਰ੍ਹਾਂ ਕਰਨ ਨਾਲ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਅੱਗ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਧਿਆਨ ਰਹੇ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ‘ਐਕਸ’ ’ਤੇ ਟਵੀਟ ਕਰਕੇ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ’ਚ ਜਾ ਕੇ ਝੋਨੇ ’ਤੇ ਮਿਲਣ ਵਾਲੀ ਐਮਐਸਪੀ ਨੂੰ ਖਤਮ ਕਰਨਾ ਚਾਹੁੰਦੀ ਹੈ।