Breaking News
Home / ਹਫ਼ਤਾਵਾਰੀ ਫੇਰੀ / ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਵਿਰੋਧੀ ਉਮੀਦਵਾਰ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ
ਅੰਮ੍ਰਤਿਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਨੇ ਵਿਰੋਧੀ ਧਿਰਾਂ ਵਲੋਂ ਖੜ੍ਹੇ ਕੀਤੇ ਗਏ ਉਮੀਦਵਾਰ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਦੇ ਫਰਕ ਨਾਲ ਹਰਾਇਆ। ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਰਾਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ ਵਜੋਂ ਚੁਣੇ ਗਏ।
ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਿਚ ਮੋਹਨ ਸਿੰਘ ਬੰਗੀ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਇੰਦਰਮੋਹਨ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ ਅਤੇ ਜਸਵੰਤ ਸਿੰਘ ਪੁੜੈਣ ਸ਼ਾਮਲ ਹਨ। ਇਜਲਾਸ ਦੌਰਾਨ ਹਾਜ਼ਰ 137 ਮੈਂਬਰਾਂ ਨੇ ਪਰਚੀਆਂ ਰਾਹੀਂ ਵੋਟਾਂ ਪਾਈਆਂ ਜਿਸ ‘ਚੋਂ 118 ਧਾਮੀ ਨੂੰ ਮਿਲੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਪਈਆਂ ਅਤੇ 2 ਵੋਟਾਂ ਰੱਦ ਹੋਈਆਂ। ਵਿਰੋਧੀ ਧਿਰ ਦੇ ਉਮੀਦਵਾਰ ਨੂੰ ਇਸ ਵਾਰ 25 ਵੋਟਾਂ ਘੱਟ ਪਈਆਂ ਹਨ ਜਦਕਿ ਪਿਛਲੇ ਵਰ੍ਹੇ ਜਦੋਂ ਬੀਬੀ ਜਗੀਰ ਕੌਰ ਵਿਰੋਧੀ ਧਿਰਾਂ ਦੇ ਉਮੀਦਵਾਰ ਸਨ ਤਾਂ ਉਨ੍ਹਾਂ ਨੂੰ 42 ਵੋਟਾਂ ਮਿਲੀਆਂ ਸਨ। ਇਜਲਾਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਹੋਰ ਹਾਜ਼ਰ ਸਨ। ਲਗਾਤਾਰ ਤੀਜੀ ਵਾਰ ਪ੍ਰਧਾਨ ਮਗਰੋਂ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਗੁਰੂਘਰ ਦਾ ਸ਼ੁਕਰਾਨਾ ਕੀਤਾ। ਇਸ ਤੋਂ ਪਹਿਲਾਂ ਜਨਰਲ ਇਜਲਾਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਧਾਨ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ, ਜਿਸ ਦੀ ਤਾਈਦ ਅਤੇ ਮਜੀਦ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ।
ਐਡਵੋਕੇਟ ਧਾਮੀ ਦੇ ਮੁਕਾਬਲੇ ਮੈਦਾਨ ਵਿਚ ਨਿੱਤਰੇ ਬਲਬੀਰ ਸਿੰਘ ਘੁੰਨਸ ਦਾ ਨਾਂ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ ਅਤੇ ਇਸ ਦੀ ਤਾਈਦ ਤੇ ਮਜੀਦ ਬਲਦੇਵ ਸਿੰਘ ਚੂੰਘਾ ਅਤੇ ਨਿਰਮੈਲ ਸਿੰਘ ਜੌਲਾਂ ਨੇ ਕੀਤੀ। ਇਜਲਾਸ ਦੌਰਾਨ ਸੁਖਦੇਵ ਸਿੰਘ ਭੌਰ ਨੇ ਸੰਬੋਧਨ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੀ ਪ੍ਰਕਿਰਿਆ ਵਿਚ ਖਾਮੀਆਂ ਵਿਰੁੱਧ ਤਿੱਖੀ ਆਵਾਜ਼ ਉਠਾਉਣ ਲਈ ਆਖਿਆ।
ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐੱਲਐੱਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਆ ਰਹੇ ਹਨ। ਉਹ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਅਤੇ 2020 ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ‘ਤੇ ਸੇਵਾ ਨਿਭਾਈ। ਨਵੰਬਰ 2021 ਵਿਚ ਉਹ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਸਨ।
ਸ਼੍ਰੋਮਣੀ ਕਮੇਟੀ ‘ਚ ਪ੍ਰਬੰਧਕੀ ਸੁਧਾਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ : ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਮਾਂ ਕੌਮ ਲਈ ਚੁਣੌਤੀਆਂ ਵਾਲਾ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਨੇੜੇ ਹਨ ਅਤੇ ਕਈ ਪੰਥਕ ਮਸਲੇ ਵੀ ਦਰਪੇਸ਼ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਵਿਚ ਪ੍ਰਬੰਧਕੀ ਸੁਧਾਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਆਰੋਪ ਲਾਇਆ ਕਿ ਸਰਕਾਰਾਂ ਵਲੋਂ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਵਿਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਵੋਟਾਂ ਬਣਾਉਣ ਲਈ ਬਹੁਤ ਥੋੜ੍ਹਾ ਸਮਾਂ ਦਿੱਤੇ ਜਾਣ ਪਿੱਛੇ ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਸਰਕਾਰਾਂ ਦਾ ਮੰਤਵ ਸਿੱਖਾਂ ਦੀਆਂ ਘੱਟ ਵੋਟਾਂ ਬਣਨ ਦੇਣਾ ਹੈ ਤਾਂ ਜੋ ਉਨ੍ਹਾਂ ਨੂੰ ਪੰਜਾਬ ਅੰਦਰ ਘੱਟਗਿਣਤੀ ਦਰਸਾਇਆ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਵੱਡਾ ਮਸਲਾ ਹੈ ਜਿਸ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।

Check Also

ਓਟਵਾ-ਮੈਕਸੀਕੋ ਲਈ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਚਲਾਏਗਾ ਨਾਨ-ਸਟਾਪ ਉਡਾਣਾਂ

ਪੀਕ ਸੀਜ਼ਨ ਵਿਚ ਓਟਵਾ-ਕੈਨਕਨ ਵਿਚਾਲੇ ਹੋਣਗੀਆਂ ਹਫ਼ਤੇ ‘ਚ ਤਿੰਨ ਉਡਾਨਾਂ ਓਟਵਾ/ਬਿਊਰੋ ਨਿਊਜ਼ : ਯਾਤਰੀ ਓਟਵਾ …