Breaking News
Home / ਹਫ਼ਤਾਵਾਰੀ ਫੇਰੀ / ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਹੋਈ ਸਖਤ, ਕਿਹਾ

ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਹੋਈ ਸਖਤ, ਕਿਹਾ

ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਦੀਆਂ ਸਰਕਾਰਾਂ ਪਰਾਲੀ ਸਾੜਨੀ ਤੁਰੰਤ ਬੰਦ ਕਰਵਾਉਣ
ਨਵੀਂ ਦਿੱਲੀ : ਦਿੱਲੀ-ਐਨ.ਸੀ.ਆਰ. ਵਿਚ ਵਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ‘ਤੇ ਸੁਪਰੀਮ ਕੋਰਟ ਵਿਚ ਮੰਗਲਵਾਰ ਨੂੰ ਸੁਣਵਾਈ ਹੋਈ ਹੈ ਅਤੇ ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਸਖਤ ਨਜ਼ਰ ਆਈ। ਇਸ ਦੌਰਾਨ ਮਾਨਯੋਗ ਜਸਟਿਸ ਕੌਲ ਨੇ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਆਪੋ-ਆਪਣੇ ਸੂਬਿਆਂ ਵਿਚ ਪਰਾਲੀ ਨੂੰ ਸਾੜਨਾ ਤੁਰੰਤ ਬੰਦ ਕਰਵਾਉਣ। ਜਸਟਿਸ ਸੰਜੈ ਕਿਸ਼ਨ ਕੌਲ ਨੇ ਕੇਂਦਰ ਸਰਕਾਰ ਨੂੰ ਵੀ ਨਿਰਦੇਸ਼ ਦਿੱਤਾ ਹੈ ਕਿ ਉਹ ਕਿਸਾਨਾਂ ਨੂੰ ਸਬਸਿਡੀ ਦੇਵੇ ਅਤੇ ਦੂਜੀਆਂ ਫਸਲਾਂ ਦੀ ਪੈਦਾਵਾਰ ਦੇ ਲਈ ਉਤਸ਼ਾਹਿਤ ਕਰੇ ਤਾਂ ਕਿ ਠੰਡ ਤੋਂ ਪਹਿਲਾਂ ਪਰਾਲੀ ਨੂੰ ਸਾੜਨਾ ਬੰਦ ਹੋ ਸਕੇ। ਇਸ ਫੈਸਲੇ ਨੂੰ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੇ ਲਗਾਤਾਰ ਖਤਰਨਾਕ ਪੱਧਰ ਨੂੰ ਘੱਟ ਕਰਨ ਦੇ ਲਿਹਾਜ਼ ਨਾਲ ਅਹਿਮ ਦੱਸਿਆ ਜਾ ਰਿਹਾ ਹੈ। ਧਿਆਨ ਰਹੇ ਕਿ ਦਿੱਲੀ ਅਤੇ ਦਿੱਲੀ ਦੇ ਨੇੜਲੇ ਇਲਾਕਿਆਂ ਵਿਚ ਲੰਘੇ 8 ਦਿਨਾਂ ਤੋਂ ਹਵਾ ਬੇਹੱਦ ਪ੍ਰਦੂਸ਼ਿਤ ਹੈ। ਇਥੋਂ ਦਾ ਏਅਰ ਕੁਆਲਿਟੀ ਇੰਡੈਕਸ ਵੀ 470 ਦੇ ਕਰੀਬ ਸੀ, ਜਿਸ ਨੂੰ ਸਿਹਤ ਲਈ ਬਹੁਤ ਹੀ ਹਾਨੀਕਾਰਕ ਮੰਨਿਆ ਜਾ ਰਿਹਾ ਹੈ। ਇਸਦੇ ਚੱਲਦਿਆਂ ਦਿੱਲੀ-ਐਨ.ਸੀ.ਆਰ. ਵਿਚ ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਪੰਜਾਬ ਤੇ ਨੇੜਲੇ ਸੂਬਿਆਂ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਰ ਸਮੇਂ ਸਿਆਸੀ ਲੜਾਈ ਨਹੀਂ ਹੋ ਸਕਦੀ। ਸੁਪਰੀਮ ਕੋਰਟ ਦੇ ਬੈਂਚ, ਜਿਸ ਵਿੱਚ ਜਸਟਿਸ ਸੁਧਾਂਸ਼ੂ ਧੂਲੀਆ ਵੀ ਸ਼ਾਮਲ ਸਨ, ਨੇ ਕਿਹਾ ਕਿ ਪ੍ਰਦੂਸ਼ਣ ਦੀ ਵਧੀ ਮਾਤਰਾ ਦਾ ਸਭ ਤੋਂ ਵੱਧ ਅਸਰ ਬੱਚਿਆਂ ‘ਤੇ ਪੈ ਰਿਹਾ ਹੈ। ਸਿਖਰਲੀ ਅਦਾਲਤ ਨੇ ਪੰਜਾਬ ਸਰਕਾਰ ਤਰਫ਼ੋਂ ਪੇਸ਼ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਕਿਹਾ, ”ਅਸੀਂ ਚਾਹੁੰਦੇ ਹਾਂ ਕਿ ਪਰਾਲੀ ਨੂੰ ਅੱਗਾਂ ਲਾਉਣ ਦਾ ਸਿਲਸਿਲਾ ਬੰਦ ਹੋਵੇ ਅਤੇ ਇਹ ਦੇਖਣਾ ਸੂਬਿਆਂ ਦਾ ਕੰਮ ਹੈ ਕਿ ਇਹ ਕਿਵੇਂ ਰੁਕ ਸਕਦਾ ਹੈ। ਪਰ ਕੁਝ ਤਾਂ ਫੌਰੀ ਕਰਨਾ ਹੋਵੇਗਾ।” ਅਦਾਲਤ ਨੇ ਪੰਜਾਬ ਨੂੰ ਕਿਹਾ, ”ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ ਹੋ?”
ਬੈਂਚ ਨੇ ਕਿਹਾ, ”ਸਾਨੂੰ ਨਹੀਂ ਪਤਾ ਕਿ ਤੁਸੀਂ ਇਹ ਕਿਵੇਂ ਕਰੋਗੇ, ਪਰ ਇਹ ਸਭ ਬੰਦ ਹੋਵੇ। ਤੁਸੀਂ ਸਖ਼ਤ ਕਾਰਵਾਈ ਕਰੋ ਜਾਂ ਫਿਰ ਇਨਸੈਂਟਿਵ ਦੇ ਕੇ ਉਤਸ਼ਾਹਤਿ ਕਰੋ, ਤੁਹਾਨੂੰ ਇਹ ਅੱਗਾਂ ਰੋਕਣੀਆਂ ਹੋਣਗੀਆਂ।
ਹਵਾ ਪ੍ਰਦੂਸ਼ਣ ਕਰਕੇ ਦਿੱਲੀ ਦੇ ਸਕੂਲਾਂ ‘ਚ ਕੀਤੀਆਂ ਛੁੱਟੀਆਂ
ਨਵੀਂ ਦਿੱਲੀ : ਦਿੱਲੀ ‘ਚ ਖਤਰਨਾਕ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਤੋਂ 18 ਨਵੰਬਰ ਤੱਕ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਦਿੱਲੀ ਸਰਕਾਰ ਨੇ ਇਸ ਵਾਰ ਇਕ ਮਹੀਨਾ ਪਹਿਲਾਂ ਹੀ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਦਸੰਬਰ ਮਹੀਨੇ ‘ਚ ਵਿੰਟਰ ਵਿਕੇਸ਼ਨ ਹੁੰਦਾ ਸੀ। ਦਿੱਲੀ ਦੇ ਸਿੱਖਿਆ ਵਿਭਾਗ ਨੇ ਬੁੱਧਵਾਰ ਨੂੰ ਆਪਣੇ ਨਿਰਦੇਸ਼ ਵਿਚ ਕਿਹਾ ਕਿ ਦਿੱਲੀ ਵਿਚ ਫਿਲਹਾਲ ਹਵਾ ਪ੍ਰਦੂਸ਼ਣ ਘਟਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਲਈ ਸਾਰੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਂਟੀਆਂ ਰਹਿਣਗੀਆਂ ਅਤੇ ਇਸ ਦੌਰਾਨ ਵਿਦਿਆਰਥੀ ਅਤੇ ਅਧਿਆਪਕ ਆਪੋ-ਆਪਣੇ ਘਰਾਂ ਵਿਚ ਰਹਿਣਗੇ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਸਿਰਫ ਪ੍ਰਾਇਮਰੀ ਸਕੂਲਾਂ ਨੂੰ 10 ਨਵੰਬਰ ਤੱਕ ਬੰਦ ਰੱਖਣ ਦਾ ਨਿਰਦੇਸ਼ ਦਿੱਤਾ ਸੀ। ਧਿਆਨ ਰਹੇ ਕਿ ਦਿੱਲੀ ਵਿਚ ਪਿਛਲੇ ਦਿਨਾਂ ਤੋਂ ਏਅਰ ਕੁਆਲਿਟੀ ਇੰਡੈਕਸ ਬਹੁਤ ਖਰਾਬ ਚੱਲ ਰਿਹਾ ਹੈ।

 

 

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …