Breaking News
Home / ਪੰਜਾਬ / ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ

ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕਾਂਗਰਸੀ ਆਗੂ
ਤਲਵੰਡੀ ਸਾਬੋ : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੂੰ ਨਾਲ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।
ਆਗੂਆਂ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਪਾਰਟੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਜਵਾ ਨੇ ਕਿਹਾ ਕਿ ਪਿਛਲੇ ਦਿਨੀਂ ਵੱਡੇ ਸਿਆਸੀ ਚਿਹਰਿਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਪੱਧਰ ‘ਤੇ ਮਜ਼ਬੂਤੀ ਮਿਲੀ ਹੈ।
ਇਸ ਮੌਕੇ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਰਮਾਤਮਾ ਦਾ ਆਸਰਾ ਲੈ ਕੇ ਸਮੁੱਚੇ ਖਿੱਤੇ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜੁੱਟ ਗਏ ਹਨ ਅਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਵੱਡੀ ਜਿੱਤ ਦੁਆਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਕੋਸ਼ਿਸ ਕਰਨਗੇ। ਇਸ ਮੌਕੇ ਬਲਵੀਰ ਸਿੰਘ ਸਿੱਧੂ ਅਤੇ ਹੰਸ ਰਾਜ ਜੋਸਨ (ਦੋਵੇਂ ਸਾਬਕਾ ਮੰਤਰੀ), ਅਜੀਤ ਇੰਦਰ ਸਿੰਘ ਮੋਫਰ ਸਾਬਕਾ ਵਿਧਾਇਕ ਸਰਦੂਲਗੜ੍ਹ, ਜ਼ਿਲ੍ਹਾ ਕਾਂਗਰਸ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ, ਬਿਕਰਮ ਸਿੰਘ ਮੋਫਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ, ਜਥੇਦਾਰ ਗੁਰਤੇਜ ਸਿੰਘ ਜੋਧਪੁਰ, ਸੀਨੀਅਰ ਆਗੂ ਸ਼ਾਮਲ ਸਨ।
ਬਦਲਾਅ ਦਾ ਸੱਚ ਲੋਕਾਂ ਸਾਹਮਣੇ ਆਇਆ: ਵੜਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਜਿਸ ਬਦਲਾਅ ਦੇ ਨਾਂ ‘ਤੇ ਭਾਰੀ ਬਹੁਮਤ ਲੈ ਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਇਸ ਸਰਕਾਰ ਦੇ ਕਰੀਬ 18 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਉਸ ਬਦਲਾਅ ਦਾ ਸੱਚ ਲੋਕਾਂ ਸਾਹਮਣੇ ਆ ਗਿਆ ਹੈ, ਇਸ ਲਈ ਲੋਕ ਅਤੇ ਆਗੂ ਕਾਂਗਰਸ ਪਾਰਟੀ ਨੂੰ ਬਦਲ ਵਜੋਂ ਚੁਣ ਕੇ ਉਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਕਿਸਾਨਾਂ ‘ਤੇ ਪਰਾਲੀ ਨੂੰ ਸਾੜਨ ਦੇ ਪਰਚੇ ਦਰਜ ਕਰਨੇ ਗਲਤ ਹਨ ਉੱਥੇ ਹੀ ਕਿਸਾਨਾਂ ਨੂੰ ਵੀ ਚਾਹੀਦਾ ਹੈ ਕਿ ਸਰਕਾਰੀ ਅਧਿਕਾਰੀਆਂ ਕੋਲੋਂ ਹੀ ਪਰਾਲੀ ਨੂੰ ਅੱਗ ਲਵਾਉਣ ਵਰਗੀਆਂ ਘਟਨਾਵਾਂ ਨੂੰ ਦੁਹਰਾਉਣ ਦੀ ਕੋਸ਼ਿਸ ਨਾ ਕਰਨ।
ਇਸ਼ਤਿਹਾਰਾਂ ਦੀ ਥਾਂ ਮੁੱਖ ਮੰਤਰੀ ਪਰਾਲੀ ਦੇ ਹੱਲ ਲਈ ਪੈਸੇ ਖਰਚਣ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦਾ ਕੋਈ ਠੋਸ ਹੱਲ ਕੱਢਣ ਦੀ ਥਾਂ ਕਿਸਾਨਾਂ ‘ਤੇ ਪਰਚੇ ਦਰਜ ਕਰਨ ਵਿੱਚ ਜੁੱਟ ਗਈ ਹੈ ਜੋ ਕਿ ਮੰਦਭਾਗੀ ਗੱਲ ਹੈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਹਜ਼ਾਰ ਕਰੋੜ ਰੁਪਏ ਇਸ਼ਤਿਹਾਰਾਂ ‘ਤੇ ਖਰਚਦੇ ਹਨ। ਉੱਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਦੂਸ਼ਣ ਟੈਕਸ ਦੇ ਰੂਪ ਵਿੱਚ ਉੱਥੋਂ ਦੇ ਲੋਕਾਂ ਕੋਲੋਂ ਹਜ਼ਾਰ ਕਰੋੜ ਟੈਕਸ ਲੈਂਦੇ ਹਨ। ਜੇਕਰ ਇਹੀ ਦੋ ਹਜ਼ਾਰ ਕਰੋੜ ਰੁਪਏ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਮੁਆਵਜ਼ੇ ਦੇ ਰੂਪ ਵਿੱਚ ਦਿੱਤੇ ਜਾਣ ਤਾਂ ਕਿਸਾਨ ਪਰਾਲੀ ਨੂੰ ਅੱਗ ਹੀ ਨਹੀਂ ਲਾਉਣਗੇ।

 

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …