ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਗਿਣਤੀ ’ਚ ਨਵੇਂ ਕਾਰਡ ਬਣਾਉਣ ਦਾ ਕੀਤਾ ਐਲਾਨ
ਮੋਗਾ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਐਲਾਨ ਕੀਤਾ ਹੈ ਕਿ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਨੂੰ ਪੰਜਾਬ ’ਚ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ। ਇਸ ਦਾ ਦਾਇਰਾ ਹੋਰ ਵਿਸ਼ਾਲ ਕਰਦਿਆਂ 1 ਕਰੋੜ 60 ਲੱਖ ਯੋਗ ਲਾਭਪਾਤਰੀਆਂ ਦੇ ਨਵੇਂ ਕਾਰਡ ਬਣਾਏ ਜਾਣਗੇ। ਉਨ੍ਹਾਂ ਵੱਲੋਂ ਇਹ ਐਲਾਨ ਬਾਲ ਦਿਵਸ ਮੌਕੇ ਮੋਗਾ ਦੇ ਸਿਵਲ ਹਸਪਤਾਲ ’ਚ ਬੱਚਿਆਂ ਦੇ ਚੈਕਅਪ ਲਈ ਇਕੋ ਕਾਰਡੀਓਗ੍ਰਾਫ਼ੀ ਸੈਂਟਰ ਦਾ ਉਦਘਾਟਨ ਕਰਨ ਸਮੇਂ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਚੈਕਅਪ ਦੌਰਾਨ ਕਿਸੇ ਬੱਚੇ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਸ ਬੱਚੇ ਦਾ ਵੱਡੇ ਹਸਪਤਾਲਾਂ ’ਚ ਇਲਾਜ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ। ਧਿਆਨ ਰਹੇ ਕਿ ਇਹ ਸਹੂਲਤ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ’ਚ ਮੌਜੂਦ ਨਹੀਂ। ਪ੍ਰੰਤੂ ਹੁਣ ਸਰਕਾਰ ਨੇ ਇਸ ਸਹੂਲਤ ਨੂੰ ਮੋਗਾ ਦੇ ਸਿਵਲ ਹਸਪਤਾਲ ਤੋਂ ਸ਼ੁਰੂ ਕਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਹ ਸਹੂਲਤ ਪੰਜਾਬ ਦੇ ਸਾਰੇ ਸਿਵਲ ਹਸਪਤਾਲਾਂ ’ਚ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 70 ਲੱਖ ਲੋਕਾਂ ਦੇ ਕਾਰਡ ਬਣਾਏ ਗਏ ਹਨ ਅਤੇ ਹੁਣ ਤੱਕ 44 ਲੱਖ ਲੋਕ ਇਸ ਲਾਭ ਉਠ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ 1 ਕਰੋੜ 60 ਲੱਖ ਲੋਕਾਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਬਕਾਇਆ ਲੋਕਾਂ ਦੇ ਕਾਰਡ ਵੀ ਜਲਦ ਬਣਾਏ ਜਾਣਗੇ।