ਜੇਲ੍ਹ ’ਚ ਫਰਸ਼ ’ਤੇ ਡਿੱਗੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ
ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਕਰਵਾਇਆ ਗਿਆ ਭਰਤੀ
ਪਟਿਆਲਾ/ਬਿਊਰੋ ਨਿਊਜ਼ :
ਈਡੀ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਜੇਲ੍ਹ ’ਚ ਪੈਰ ਫਿਸਲਣ ਕਾਰਨ ਫਰਸ਼ ’ਤੇ ਡਿੱਗ ਗਏ। ਇਸ ਕਾਰਨ ਉਨ੍ਹਾਂ ਨੂੰ ਪਟਿਆਲਾ ਸਥਿਤ ਰਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ‘ਆਪ’ ਵਿਧਾਇਕ ਗੱਜਣ ਮਾਜਰਾ ਨੂੰ ਅੱਜ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ ਪ੍ਰੰਤੂ ਮੈਡੀਕਲ ਕੰਡੀਸ਼ਨ ਦੇ ਕਾਰਨ ਉਹ ਪੇਸ਼ ਨਾ ਹੋਏ, ਜਿਸ ’ਤੇ ਈਡੀ ਵੱਲੋਂ ਵਿਰੋਧ ਪ੍ਰਗਟਾਇਆ ਗਿਆ। ਇਸ ’ਤੇ ਅਦਾਲਤ ਵੱਲੋਂ ਮੈਡੀਕਲ ਸੁਪਰੀਟੈਂਡੈਂਟ ਦੀ ਨਿਗਰਾਨੀ ’ਚ ਬੋਰਡ ਬਣਾਉਣ ਦੇ ਹੁਕਮ ਦਿੱਤੇ ਹਨ। ਕੱਲ੍ਹ ਵੀਰਵਾਰ ਨੂੰ ਜ਼ਿਲ੍ਹਾ ਅਦਾਲਤ ’ਚ ਮੈਡੀਕਲ ਬੋਰਡ ਵੱਲੋਂ 10:30 ਵਜੇ ਤੱਕ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ ਅਤੇ ਰਿਪੋਰਟ ਅਨੁਸਾਰ ਜੇਕਰ ‘ਆਪ’ ਵਿਧਾਇਕ ਗੱਜਣਮਾਜਰਾ ਫਿੱਟ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ 2 ਵਜੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਗੱਜਣਮਾਜਰਾ ਨੂੰ ਪੀਜੀਆਈ ਚੰਡੀਗੜ੍ਹ ’ਚ ਭਰਤੀ ਕਰਵਾਇਆ ਗਿਆ ਸੀ। ਜਦੋਂ ਈਡੀ ਨੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰਕੇ ਪੁੱਛਗਿੱਛ ਕਰਨੀ ਸ਼ੁਰੂ ਕੀਤੀ ਸੀ ਤਾਂ ਉਨ੍ਹਾਂ ਦੇ ਦਿਲ ਦੀ ਧੜਕਣ ਵਧ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਘਬਰਾਹਟ ਹੋਣ ਲੱਗੀ ਸੀ ਅਤੇ ਜਾਂਚ ਦੇ ਲਈ ਉਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ ਸੀ, ਜਿੱਥੋਂ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਰੈਫਰ ਕਰ ਦਿੱਤਾ ਗਿਆ ਸੀ। ਧਿਆਨ ਰਹੇ ਕਿ ਗੱਜਣਮਾਜਰਾ ਦੀ ਗਿ੍ਰਫ਼ਤਾਰੀ 40 ਕਰੋੜ ਰੁਪਏ ਪੁਰਾਣੇ ਲੈਣ-ਦੇਣ ਦ ਮਾਮਲੇ ਨਾਲ ਜੁੜੀ ਹੋਈ ਹੈ।