ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ’ਤੇ ਲੁਧਿਆਣਾ ’ਚ ਸਾਈਕਲ ਰੈਲੀ
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ’ਤੇ ਲੁਧਿਆਣਾ ’ਚ ਸਾਈਕਲ ਰੈਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਈਕਲ ਰੈਲੀ ਨੂੰ ਦਿਖਾਈ ਹਰੀ ਝੰਡੀ ਅਤੇ ਖੁਦ ਵੀ ਚਲਾਈ ਸਾਈਕਲ
ਲੁਧਿਆਣਾ/ਬਿਊਰੋ ਨਿਊਜ਼

ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ’ਚ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਮੌਕੇ ਅੱਜ ਵੀਰਵਾਰ ਨੂੰ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦਿਖਾਈ ਅਤੇ ਇਸ ਮੌਕੇ ਸੀਐਮ ਨੇ ਖੁਦ ਵੀ ਸਾਈਕਲ ਚਲਾਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ ਅਤੇ ਨਾ ਹੀ ਇਹ ਰੈਲੀ ਕਿਸੇ ਤਰ੍ਹਾਂ ਦਾ ਕੋਈ ਸ਼ਕਤੀ ਪ੍ਰਦਰਸ਼ਨ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮਕਸਦ ਇਹ ਹੈ ਕਿ ਜਿਹੜੇ ਨੌਜਵਾਨ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਹਨ, ਉਨ੍ਹਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਿਆ ਜਾਵੇ। ਸੀਐਮ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਕੂਲਾਂ ਵਿਚ ਛੁੱਟੀ ਇਸ ਕਰਕੇ ਕੀਤੀ ਗਈ ਹੈ ਤਾਂ ਕਿ ਬੱਚਿਆਂ ਨੂੰ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਸੀਐਮ ਮਾਨ ਨੇ ਸੋਨੇ ਦਾ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਸਾਰੇ 10 ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਨਸ਼ਿਆਂ ਖਿਲਾਫ ਕੱਢੀ ਗਈ ਇਸ ਸਾਈਕਲ ਰੈਲੀ ਵਿਚ 20 ਹਜ਼ਾਰ ਦੇ ਕਰੀਬ ਹਰ ਉਮਰ ਵਰਗ ਦੇ ਵਿਅਕਤੀਆਂ ਨੇ ਹਿੱਸਾ ਲਿਆ ਹੈ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਦਿ੍ਰੜਤਾ ਨਾਲ ਨਸ਼ਿਆਂ ਦੇ ਖਿਲਾਫ ਲੜਾਈ ਲੜ ਰਹੀ ਹੈ। ਗੌਰਵ ਯਾਦਵ ਨੇ ਇਸ ਸਾਈਕਲ ਰੈਲੀ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਵੀ ਦਿੱਤੀ।