ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਆਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਾਵਾਰਸ ਜਾਨਵਰਾਂ ਕਰਕੇ ਵਧ ਰਹੇ ਹਾਦਸੇ ਤੇ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਖ਼ਤ ਰੁਖ ਅਖਤਿਆਰ ਕੀਤਾ ਹੈ। ਅਦਾਲਤ ਨੇ ਅਜਿਹੀਆਂ ਘਟਨਾਵਾਂ ਵਾਪਰਨ ‘ਤੇ ਪੀੜਤ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲਈ ਜਿੱਥੇ ਸੂਬਾ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ ਉਥੇ ਉਹ ਮੁਆਵਜ਼ੇ ਦਾ ਭੁਗਤਾਨ ਵੀ ਕਰਨਗੀਆਂ। ਅਦਾਲਤ ਨੇ ਕਿਹਾ ਕਿ ਕੁੱਤੇ ਦੇ ਵੱਢਣ ‘ਤੇ ਪ੍ਰਤੀ ਦੰਦ ਦੇ ਨਿਸ਼ਾਨ ‘ਤੇ ਘੱਟੋ-ਘੱਟ ਮੁਆਵਜ਼ਾ 10 ਹਜ਼ਾਰ ਰੁਪਏ ਦਿੱਤਾ ਜਾਵੇਗਾ, ਜਦੋਂਕਿ ਬਾਕੀ ਮੁਆਵਜ਼ਾ ਤੈਅ ਕਰਨ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀਆਂ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੁੱਤਿਆਂ ਦੇ ਵੱਢਣ ‘ਤੇ ਪ੍ਰਤੀ ਦੰਦ 10 ਹਜ਼ਾਰ ਰੁਪਏ ਅਤੇ 0.2 ਸੈਂਟੀਮੀਟਰ ਡੂੰਘੇ ਜ਼ਖ਼ਮ ਲਈ 20 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਣਾਈਆਂ ਜਾਣ ਵਾਲੀਆਂ ਕਮੇਟੀਆਂ ਵੱਲੋਂ 4 ਮਹੀਨੇ ਦੇ ਅੰਦਰ-ਅੰਦਰ ਆਖਰੀ ਫੈਸਲਾ ਲਿਆ ਜਾਵੇਗਾ। ਇਸ ਸਮੇਂ ਦੇਸ਼ ਵਿੱਚ ਲਾਵਾਰਸ ਕੁੱਤਿਆਂ ਵੱਲੋਂ ਵੱਢਣ ਦੀਆਂ ਘਟਨਾਵਾਂ ਤੇਜ਼ੀ ਨਾਲ ਵਧ ਰਹੀਆਂ ਹਨ, ਜਿਸ ਕਰਕੇ ਕਈ ਲੋਕਾਂ ਨੂੰ ਆਪਣੀ ਜਾਨ ਤੱਕ ਗੁਆਉਣੀ ਪਈ ਹੈ।