Breaking News
Home / ਪੰਜਾਬ / ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਯਤਨ ਤੇਜ਼ ਕਰਨ : ਜਥੇਦਾਰ

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਯਤਨ ਤੇਜ਼ ਕਰਨ : ਜਥੇਦਾਰ

ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਵੀ ਯਤਨ ਕਰਨ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਤੇਜ਼ ਤੇ ਠੋਸ ਯਤਨ ਕਰਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਜਾਰੀ ਕੀਤਾ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਦੇ ਕੀਰਤਨ ਅਤੇ ਕਥਾ ਵਿਖਿਆਨ ਰਾਹੀ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਪਿਛਲੇ 17 ਸਾਲਾਂ ਤੋਂ ਜੇਲ੍ਹ ਦੀ ਚੱਕੀ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਨੋਟੀਫਿਕੇਸ਼ਨ ਜਾਰੀ ਕਰਕੇ ਮੁੱਕਰ ਗਈ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਅਤੇ 39 ਸਾਲਾਂ ਬਾਅਦ ਵੀ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਹਨ। ਉਨ੍ਹਾਂ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਇਕਜੁੱਟਤਾ ਨਾਲ ਆਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਸਿੱਖਾਂ ਨੂੰ ਇਨਸਾਫ਼ ਦੇਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਸਮੂਹ ਪੰਥਕ ਦਲਾਂ ਅਤੇ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਵੀ ਸੱਦੇ। ਉਨ੍ਹਾਂ ਦਿੱਲੀ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪਣੇ ਅਸਲ ਰਸੂਖ ਅਤੇ ਨੇੜਲੇ ਸਬੰਧਾਂ ਦੀ ਵਰਤੋਂ ਕਰਕੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਰਾਜੋਆਣਾ ਸਬੰਧੀ ਅਪੀਲ ‘ਤੇ ਫੈਸਲਾ ਕਰਵਾਉਣ ਲਈ ਗੰਭੀਰਤਾ ਨਾਲ ਯਤਨ ਕਰੇ ਅਤੇ ਇਸ ਸਬੰਧੀ 15 ਦਿਨਾਂ ਤੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜੇ।

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ : ਮੰਡ
ਬੰਦੀ ਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਦੀਵਾਲੀ ਵਾਲੇ ਦਿਨ ਸਾਨੂੰ ਆਪਣੇ ਹਿਰਦੇ ਵਿੱਚ ਗਿਆਨ, ਭੈਅ ਅਤੇ ਪ੍ਰੇਮ ਦੇ ਦੀਵੇ ਬਾਲ ਕੇ ਮਾਨਵਤਾ ਰੂਪੀ ਰੌਸ਼ਨੀ ਵੰਡਣੀ ਚਾਹੀਦੀ ਹੈ ਤਾਂ ਕਿ ਜਾਤਾਂ ਪਾਤਾਂ, ਊਚ ਨੀਚ, ਵੈਰ ਵਿਰੋਧ ਅਤੇ ਫਿਰਕੂਪੁਣੇ ਦਾ ਹਨੇਰਾ ਦੂਰ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ ਸੀ ਪਰ ਅੱਜ ਹਕੂਮਤਾਂ ਸਿੱਖਾਂ ਨੂੰ ਦੂਰ ਦੁਰਾਡੇ ਜੇਲ੍ਹਾਂ ਵਿੱਚ ਬੰਦ ਕਰ ਰਹੀਆਂ ਹਨ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

 

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …