ਕਿਹਾ : ਸਰਕਾਰ ‘ਤੇ ਦਬਾਅ ਬਣਾ ਕੇ ਪੀੜਤਾਂ ਦੀਆਂ ਮੰਗਾਂ ਮੰਨਵਾਈਆਂ ਜਾਣ
ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੰਬਰ 1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਦੇ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਹੈ ਕਿ ਸਰਕਾਰ ‘ਤੇ ਦਬਾਅ ਪਾ ਕੇ ਸਿੱਖ ਕਤਲੇਆਮ ਪੀੜਤਾਂ ਦੀਆਂ ਮੰਗਾਂ ਮਨਵਾਈਆਂ ਜਾਣ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਲਿਆ ਕੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕਰੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਵਾਲੇ ਆਗੂਆਂ ਵਿੱਚ ਜਥੇਬੰਦੀ ਦੇ ਮੁਖੀ ਸੁਰਜੀਤ ਸਿੰਘ, ਬੀਬੀ ਗੁਰਦੀਪ ਕੌਰ, ਇੰਦਰਪਾਲ ਸਿੰਘ, ਬਲਜੀਤ ਸਿੰਘ ਤੇ ਹੋਰ ਸ਼ਾਮਲ ਸਨ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਸਿੱਖ ਕਤਲੇਆਮ ਨੂੰ ਵਾਪਰਿਆਂ 39 ਸਾਲ ਹੋ ਚੁੱਕੇ ਹਨ ਪਰ ਅਜੇ ਵੀ ਸਾਰੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ। ਕੇਂਦਰ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਅਸਫਲ ਰਹੀ ਹੈ ਅਤੇ ਸਰਕਾਰਾਂ ਵੱਲੋਂ ਪੀੜਤਾਂ ਦਾ ਮੁੜ ਵਸੇਬਾ ਨਹੀਂ ਕਰਵਾਇਆ ਗਿਆ।
ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਲਿਆ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਜਾਵੇ, ਵਿਧਾਨ ਸਭਾ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਕਤਲੇਆਮ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ, ਲੁਧਿਆਣਾ ਵਿੱਚ ਰੱਦ ਕੀਤੇ 135 ਲਾਲ ਸ਼ਨਾਖ਼ਤੀ ਕਾਰਡ ਸਰਕਾਰ ਵੱਲੋਂ ਮੁੜ ਬਹਾਲ ਕੀਤੇ ਜਾਣ।
ਅਦਾਲਤ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਪੀੜਤਾਂ ਵਾਸਤੇ ਮਕਾਨ ਅਤੇ ਬੂਥਾਂ ਦੀ ਅਲਾਟਮੈਂਟ ਕਰੇ, ਵਿਧਵਾਵਾਂ ਦੀ ਪੈਨਸ਼ਨ 10,000 ਪ੍ਰਤੀ ਮਹੀਨਾ ਕੀਤੀ ਜਾਵੇ, ਸਾਰੀ ਨੌਕਰੀਆਂ ਵਿੱਚ ਪੰਜ ਫ਼ੀਸਦੀ ਰਾਖਵਾਂਕਰਨ ਲਾਜ਼ਮੀ ਕੀਤਾ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਪੀੜਤਾਂ ਦੇ ਕੋਈ ਕੰਮ ਨਹੀਂ ਹੋ ਰਹੇ ਅਤੇ ਨਾ ਹੀ ਮੁੱਖ ਮੰਤਰੀ ਮੁਲਾਕਾਤ ਲਈ ਸਮਾਂ ਦੇ ਰਹੇ ਹਨ। ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਚਿੱਠੀ ਭੇਜ ਕੇ ਪੀੜਤਾਂ ਦੇ ਮਾਮਲੇ ਹੱਲ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਪੀੜਤਾਂ ਦੀ ਸਹਾਇਤਾ ਰਾਸ਼ੀ ਜਾਰੀ ਰੱਖੇ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੀੜਤਾਂ ਦੇ ਮਾਮਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …