Breaking News
Home / ਪੰਜਾਬ / ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ‘ਤੇ ਲੁਧਿਆਣਾ ‘ਚ ਸਾਈਕਲ ਰੈਲੀ

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ‘ਤੇ ਲੁਧਿਆਣਾ ‘ਚ ਸਾਈਕਲ ਰੈਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਈਕਲ ਰੈਲੀ ਨੂੰ ਦਿਖਾਈ ਹਰੀ ਝੰਡੀ ਅਤੇ ਖੁਦ ਵੀ ਚਲਾਈ ਸਾਈਕਲ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਮੌਕੇ ਵੀਰਵਾਰ ਨੂੰ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦਿਖਾਈ ਅਤੇ ਇਸ ਮੌਕੇ ਸੀਐਮ ਨੇ ਖੁਦ ਵੀ ਸਾਈਕਲ ਚਲਾਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ ਅਤੇ ਨਾ ਹੀ ਇਹ ਰੈਲੀ ਕਿਸੇ ਤਰ੍ਹਾਂ ਦਾ ਕੋਈ ਸ਼ਕਤੀ ਪ੍ਰਦਰਸ਼ਨ ਹੈ।
ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮਕਸਦ ਇਹ ਹੈ ਕਿ ਜਿਹੜੇ ਨੌਜਵਾਨ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਹਨ, ਉਨ੍ਹਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਿਆ ਜਾਵੇ। ਸੀਐਮ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰਨਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਕੂਲਾਂ ਵਿਚ ਛੁੱਟੀ ਇਸ ਕਰਕੇ ਕੀਤੀ ਗਈ ਹੈ ਤਾਂ ਕਿ ਬੱਚਿਆਂ ਨੂੰ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਜਾਣਕਾਰੀ ਮਿਲ ਸਕੇ।
ਇਸ ਮੌਕੇ ਸੀਐਮ ਮਾਨ ਨੇ ਸੋਨੇ ਦਾ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਸਾਰੇ 10 ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਨਸ਼ਿਆਂ ਖਿਲਾਫ ਕੱਢੀ ਗਈ ਇਸ ਸਾਈਕਲ ਰੈਲੀ ਵਿਚ 20 ਹਜ਼ਾਰ ਦੇ ਕਰੀਬ ਹਰ ਉਮਰ ਵਰਗ ਦੇ ਵਿਅਕਤੀਆਂ ਨੇ ਹਿੱਸਾ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਸਰਾਭਾ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਐਵਾਰਡ ਨਾਲ ਨਿਵਾਜਣ ਦੀ ਮੰਗ ਵੀ ਕੀਤੀ ਹੈ। ਇਸੇ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਦ੍ਰਿੜਤਾ ਨਾਲ ਨਸ਼ਿਆਂ ਦੇ ਖਿਲਾਫ ਲੜਾਈ ਲੜ ਰਹੀ ਹੈ। ਗੌਰਵ ਯਾਦਵ ਨੇ ਇਸ ਸਾਈਕਲ ਰੈਲੀ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਵੀ ਦਿੱਤੀ।

 

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …