ਪੰਜਾਬ ’ਚ ਜਲਦ ਲਾਗੂ ਹੋ ਰਹੀ ਹੈ ਘਰ-ਘਰ ਆਟਾ-ਦਾਲ ਪਹੁੰਚਾਉਣ ਦੀ ਸਕੀਮ
ਪੰਜਾਬ ’ਚ ਜਲਦ ਲਾਗੂ ਹੋ ਰਹੀ ਹੈ ਘਰ-ਘਰ ਆਟਾ-ਦਾਲ ਪਹੁੰਚਾਉਣ ਦੀ ਸਕੀਮ
ਪ੍ਰਤਾਪ ਬਾਜਵਾ ਨੇ ਕਿਹਾ : ਘਰ-ਘਰ ਆਟਾ ਪਹੁੰਚਾਉਣ ਦੀ ਥਾਂ ਕਣਕ ਦੇਵੇ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਨਪਸੰਦ ਘਰ-ਘਰ ਆਟਾ-ਦਾਲ ਸਕੀਮ ਹੁਣ ਪੰਜਾਬ ਵਿਚ ਵੀ ਲਾਗੂ ਹੋ ਰਹੀ ਹੈ। ਜਿਸ ਸਬੰਧੀ ਤਰੀਕ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਵਿਚ ਲੋੜਵੰਦਾਂ ਲਈ ਕਣਕ ਅਤੇ ਆਟਾ-ਦਾਲ ਘਰ-ਘਰ ਪਹੁੰਚਾਉਣ ਦੀ ਯੋਜਨਾ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਤਿਆਰ ਕੀਤੀ ਗਈ ਯੋਜਨਾ ਦੀ ਰੂਪਰੋਖਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਰੀ ਝੰਡੀ ਦੇ ਦਿੱਤੀ ਹੈ। ਉਧਰ ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਦੀ ਘਰ-ਘਰ ਆਟਾ-ਦਾਲ ਸਕੀਮ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਇਸ ਫਲੈਗਸ਼ਿਪ ਸਕੀਮ ਨਾਲ ਸਰਕਾਰੀ ਖਜ਼ਾਨੇ ’ਤੇ ਬੇਲੋੜਾ ਬੋਝ ਵਧੇਗਾ। ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਕਣਕ ਦੇ ਆਟੇ ਦੀ ਥਾਂ ਲਾਭਪਾਤਰੀਆਂ ਨੂੰ ਸਾਬਤ ਅਨਾਜ ਮੁਹੱਈਆ ਕਰਵਾਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ‘ਆਪ’ ਸਰਕਾਰ ਦੀ ਇਸ ਸਕੀਮ ’ਤੇ ਸਵਾਲ ਖੜ੍ਹੇ ਕੀਤੇ ਸਨ।