ਪਰਾਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ
ਪਰਾਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ
ਕਿਹਾ : ਕੇਂਦਰ ਸਰਕਾਰ ਸਾਡੀ ਮੱਦਦ ਕਰੇ ਤਾਂ ਦੋ ਘੰਟਿਆਂ ’ਚ ਹੱਲ ਹੋ ਜਾਵੇਗਾ ਪਰਾਲੀ ਸਾੜਨ ਦਾ ਮਸਲਾ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪਰਾਲੀ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਾਡੀ ਮੱਦਦ ਕਰੇ ਤਾਂ ਦੋ ਘੰਟਿਆਂ ਵਿਚ ਪਰਾਲੀ ਸਾੜਨ ਦਾ ਮਸਲਾ ਹੱਲ ਹੋ ਸਕਦਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੇ ਮਸਲਿਆਂ ਨੂੰ ਹੱਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਬਲਬੀਰ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਵਰਗੇ ਮਾਮਲਿਆਂ ਨੂੰ ਰੋਕਣ ਦੀ ਚਾਬੀ ਕੇਂਦਰ ਸਰਕਾਰ ਨੇ ਆਪਣੇ ਕੋਲ ਰੱਖੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਵਲੋਂ ਪਰਾਲੀ ਸਬੰਧੀ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਵੀ ਕਰ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾ ਕੇ ਗੱਲ ਕਰੇਗੀ ਤਾਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਦੋ ਘੰਟਿਆਂ ਵਿਚ ਸੁਲਝਾਇਆ ਜਾ ਸਕਦਾ ਹੈ।