ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਨੂੰ ਦਿੱਤੇ 867 ਕਰੋੜ ਰੁਪਏ ਦੇ ਪੋ੍ਰਜੈਕਟ
ਮੈਡੀਕਲ ਕਾਲਜ ਅਤੇ ਆਰਮੀ ਟ੍ਰੇਨਿੰਗ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੁਸ਼ਿਆਰਪੁਰ ਪਹੁੰਚੇ। ਇਥੇ ਇਨ੍ਹਾਂ ਦੋਵੇਂ ਮੁੱਖ ਮੰਤਰੀਆਂ ਵੱਲੋਂ ਮਿਲ ਕੇ 867 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਸ਼ੁਭ ਆਰੰਭ ਕੀਤਾ ਗਿਆ। ਇਨ੍ਹਾਂ ਵਿਚ ਕਈ ਕੰਮਾਂ ਦੀ ਸ਼ੁਰੂਆਤ ਲਈ ਨੀਂਹ ਪੱਥਰ ਰੱਖਿਆ ਗਿਆ ਜਦਕਿ ਕਈ ਮੁਕੰਮਲ ਹੋ ਚੁੱਕੇ ਪ੍ਰੋਜੈਕਟ ਹੁਸ਼ਿਆਰਪੁਰ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏਾ। ਇਨ੍ਹਾਂ ਸਾਰੇ ਪ੍ਰੋਜੈਕਟਾਂ ਨਾਲ ਪੰਜਾਬ ਦੇ ਦੋਆਬਾ ਰੀਜਨ ਦੇ ਲਗਭਗ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਫਾਇਦਾ ਪਹੁੰਚੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਇਕ ਮੈਡੀਕਲ ਕਾਲਜ ਅਤੇ ਆਰਮੀ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ’ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਸਾਡੇ ਵਰਕਰਾਂ ਨੂੰ ਮਲੰਗ ਦੱਸਦੇ ਹਨ। ਉਨ੍ਹਾਂ ਕਿਹਾ ਕਿ ਤੁਸੀਂ ਵੀ ਇਨ੍ਹਾਂ ਮਲੰਗਾਂ ’ਤੇ ਹੀ ਰਾਜ ਕਰਕੇ ਰਹੇ ਹੋ ਅਤੇ ਇਨ੍ਹਾਂ ਲੋਕਾਂ ਨੂੰ ਮਲੰਗ ਵੀ ਤੁਸੀਂ ਹੀ ਬਣਾਇਆ ਸੀ। ਉਥੇ ਹੀ ਉਨ੍ਹਾਂ ਮਜੀਠੀਆ ਵੱਲੋਂ ਇਕ ਮੰਤਰੀ ਨੂੰ ਘੇਰਨ ਅਤੇ ਇਤਰਾਜ਼ਯੋਗ ਵੀਡੀਓ ਹੋਣ ਦਾ ਦਾਅਵਾ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਆਪਣੇ ਵਾਲੇ ਸੁੱਚਾ ਸਿੰਘ ਲੰਗਾਹ ਅਤੇ ਸ਼ੇਰ ਨੂੰ ਵੇਖਣ ਲੈਣ ਕਿ ਉਨ੍ਹਾਂ ਨੇ ਕੀ ਕੁਰਬਾਨੀਆਂ ਕੀਤੀਆਂ ਹਨ ਅਤੇ ਬਾਅਦ ’ਚ ਸਾਡੇ ਵਾਲਿਆਂ ਨੂੰ ਦੇਖ ਲੈਣ। ਉਥੇ ਹੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਸਿਰਫ਼ ਡੇਢ ਸਾਲ ਹੋਇਆ ਅਤੇ ਪੰਜਾਬ ਵਿਚ ਬਹੁਤ ਕੁੱਝ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਚੰਗੀਆਂ ਸਿਹਤ ਸਹੂਲਤਾਂ ਵੀ ਭਗਵੰਤ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀ ਹਨ। ਜਦਕਿ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਸਿਰਫ਼ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਸੀ। ਹੁਣ ਪੰਜਾਬ ਵਿਚ ਆਏ ਦਿਨ ‘ਆਪ’ ਸਰਕਾਰ ਵੱਲੋਂ ਨਵੇਂ-ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਆਗਾਜ਼ ਕੀਤਾ ਜਾ ਰਿਹਾ ਹੈ ਜੋ ਪੰਜਾਬ ਦੇ ਤਰੱਕੀ ਲਈ ਇਕ ਚੰਗਾ ਸੰਕੇਤ ਹਨ।