ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਕਰੇਗੀ ਸਨਮਾਨਿਤ
ਕੁਲਤਾਰ ਸੰਧਵਾਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਲਿਸਟ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਸਰਕਾਰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ’ਚ ਬੁਲਾ ਕੇ ਸਨਮਾਨਿਤ ਕਰੇਗੀ। ਵਾਤਾਵਰਣ ਨਾਲ ਪਿਆਰ ਕਰਨ ਵਾਲੇ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਜਾਵੇਗੀ ਤਾਂ ਜੋ ਅੱਗੇ ਹੋਰ ਕਿਸਾਨ ਪਰਾਲੀ ਨਾ ਸਾੜਨ ਦੇ ਖੇਤਰ ਵਿਚ ਅੱਗੇ ਆਉਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ’ਚ ਬੁਲਾ ਕੇ ਸਨਮਾਨਿਤ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੀਆਂ ਪੰਜਾਬ ਖੇਤੀਬਾੜੀ ਨਾਲ ਸਬੰਧਤ ਅਫ਼ਸਰਾਂ ਨੂੰ ਲਿਸਟਾਂ ਬਣਾਉਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਹੋਰ ਕਿਸਾਨਾਂ ਨੂੰ ਉਤਸ਼ਾਹ ਮਿਲੇਗਾ ਅਤੇ ਅਗਲੇ ਸਾਲ ਤੋਂ ਪੰਜਾਬ ਦੇ ਹੋਰ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਖੇਤਰ ਵਿਚ ਅੱਗੇ ਆਉਣਗੇ। ਧਿਆਨ ਰਹੇ ਕਿ ਝੋਨੇ ਦੀ ਰਹਿੰਦ ਖੂਦ ਨੂੰ ਵੱਡੀ ਪੱਧਰ ’ਤੇ ਅੱਗ ਲਗਾਈ ਜਾਂਦੀ ਹੈ ਜਿਸ ਨਾਲ ਵਾਤਾਵਰਣ ’ਤੇ ਬੁਰਾ ਅਸਰ ਪੈਂਦਾ ਹੈ ਅਤੇ ਪੰਜਾਬ ਵਿਚ ਲਗਾਤਾਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਘਟਦੇ ਹੋਏ ਨਜ਼ਰ ਆ ਰਹੇ ਹਨ।