ਰਾਜਸਥਾਨ ’ਚ ਕਾਂਗਰਸ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ
ਰਾਜਸਥਾਨ ’ਚ ਕਾਂਗਰਸ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ
4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਵਾਅਦਾ
ਜੈਪੁਰ/ਬਿਊਰੋ ਨਿਊਜ਼

ਰਾਜਸਥਾਨ ਵਿਚ ਵਿਧਾਨ ਸਭਾ ਦੀਆਂ ਵੋਟਾਂ ਪੈਣ ਤੋਂ ਚਾਰ ਦਿਨ ਪਹਿਲਾਂ ਅੱਜ ਮੰਗਲਵਾਰ ਨੂੰ ਕਾਂਗਰਸ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਜੈਪੁਰ ਵਿਚ ਕਾਂਗਰਸ ਪਾਰਟੀ ਦੇ ਦਫਤਰ ਵਿਚ ਸੀਨੀਅਰ ਕਾਂਗਰਸੀ ਆਗੂਆਂ ਦੇ ਨਾਲ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਹ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਚੋਣ ਮਨੋਰਥ ਪੱਤਰ ਵਿਚ ਕਾਂਗਰਸ ਪਾਰਟੀ ਨੇ ਰਾਜਸਥਾਨ ਦੇ ਲੋਕਾਂ ਨਾਲ ਕਈ ਚੋਣ ਵਾਅਦੇ ਕੀਤੇ ਹਨ। ਇਸਦੇ ਚੱਲਦਿਆਂ ਚਾਰ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ ਅਤੇ ਕਿਹਾ ਗਿਆ ਕਿ ਪੰਚਾਇਤ ਪੱਧਰ ’ਤੇ ਸਰਕਾਰੀ ਨੌਕਰੀਆਂ ਦਾ ਨਵਾਂ ਕੈਡਰ ਬਣਾਇਆ ਜਾਵੇਗਾ। ਕਿਸਾਨਾਂ ਤੋਂ ਐਮ.ਐਸ.ਪੀ. ’ਤੇ ਫਸਲ ਦੀ ਖਰੀਦ ਦਾ ਕਾਨੂੰਨ ਬਣਾਉਣ ਅਤੇ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸਦੇ ਨਾਲ ਹੀ ਪਿੰਡਾਂ ਦੇ ਵਪਾਰੀਆਂ ਨੂੰ 5 ਲੱਖ ਰੁਪਏ ਤੱਕ ਦਾ ਬਿਨਾ ਵਿਆਜ਼ ਕਰਜ਼ਾ ਦੇਣ ਦਾ ਵਾਅਦਾ ਵੀ ਕੀਤਾ ਗਿਆ। ਇਹ ਵੀ ਕਿਹਾ ਕਿ ਕਿਸਾਨ ਕਰੈਡਿਟ ਕਾਰਡ ਦੀ ਤਰਜ਼ ’ਤੇ ਵਪਾਰੀ ਕਰੈਡਿਟ ਕਾਰਡ ਵੀ ਬਣਾਇਆ ਜਾਵੇਗਾ। ਰਾਜਸਥਾਨ ਵਿਚ ਰਸੋਈ ਗੈਸ ਸਿਲੰਡਰ ਹੁਣ 500 ਰੁਪਏ ’ਚ ਮਿਲ ਰਿਹਾ ਹੈ, ਉਹ ਵੀ 400 ਰੁਪਏ ਵਿਚ ਦੇਣ ਦਾ ਵਾਅਦਾ ਕੀਤਾ ਗਿਆ ਹੈ। ਧਿਆਨ ਰਹੇ ਕਿ 25 ਨਵੰਬਰ ਨੂੰ ਰਾਜਸਥਾਨ ਵਿਚ ਵਿਧਾਨ ਸਭਾ ਲਈ ਵੋਟਾਂ ਪੈਣਗੀਆਂ ਹਨ ਅਤੇ ਸਿਆਸੀ ਪਾਰਟੀਆਂ ਵਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।